ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 26 ਜੂਨ
ਸ੍ਰੀ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ 23 ਸਾਲਾਂ ਬਾਅਦ ਪੰਜਾਬ ਵਿੱਚ ਪੰਥਕ ਰਾਜਨੀਤੀ ਦੀ ਵਾਪਸੀ ਹੋਈ ਹੈ। ਇੱਥੇ ਆਪਣੇ ਘਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਜਥੇਦਾਰ ਮੰਡ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਮਰਨਜੀਤ ਸਿੰਘ ਮਾਨ ਪਾਸੋਂ ਬਹੁਤ ਸਾਰੀਆਂ ਆਸਾਂ ਹਨ ਤੇ ਉਹ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਇਸ ਦੌਰਾਨ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਵਿੱਚ ਦਰਿਆਈ ਪਾਣੀਆਂ ਦਾ ਮਸਲਾ, ਫ਼ਿਰੋਜ਼ਪੁਰ ਸਰਹੱਦ ਨੂੰ ਵਪਾਰ ਵਾਸਤੇ ਖੋਲ੍ਹਣ ਦਾ ਮਸਲਾ, ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਮਸਲਾ, ਦੇਸ਼ ਦੇ ਕਿਸਾਨਾਂ ਨਾਲ ਜੁੜੇ ਮੁੱਦੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮਸਲਿਆਂ ਸਬੰਧੀ ਸਿਮਰਨਜੀਤ ਸਿੰਘ ਮਾਨ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਜ਼ਰੂਰ ਕਰਨਗੇ। ਉਨ੍ਹਾਂ ਇਹ ਵੀ ਆਖਿਆ ਕਿ ਦੂਜੀਆਂ ਸਿਆਸੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੰਗਰੂਰ ਵਾਸੀਆਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਅਤੇ ਇਨ੍ਹਾਂ ਚੋਣਾਂ ਵਿੱਚ ਹੱਕ ਤੇ ਸੱਚ ਦੀ ਜਿੱਤ ਹੋਈ ਹੈ। ਇਸ ਮੌਕੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੇਂਦਰ ਸਰਕਾਰ ਕੋਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਐੱਸਵਾਈਐੱਲ ਉੱਤੇ ਲਗਾਈ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ।