ਹਰਿਆਣਾ ’ਚ ਪੇਪਰਲੈੱਸ ਰਜਿਸਟਰੀਆਂ ਸ਼ੁਰੂ
ਹਰਿਆਣਾ ਦੇ 60ਵੇਂ ਸਥਾਪਨਾ ਦਿਵਸ ਮੌਕੇ ਇਥੇ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਰਾਜਪਾਲ ਅਸ਼ੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਂਝੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਵਿੱਚ ‘ਪੇਪਰਲੈੱਸ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਰਜਿਸਟਰੀ ਕਰਵਾਉਣ ਵਿੱਚ ਆਉਂਦੀਆਂ ਮੁਸ਼ਕਲਾਂ ਤੋਂ ਵੱਡੀ ਰਾਹਤ ਮਿਲੇਗੀ। ਪਹਿਲੇ ਦਿਨ ਹੀ 917 ਪੇਪਰਲੈੱਸ ਰਜਿਸਟਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਹਰਿਆਣਾ ਸਥਾਪਨਾ ਦਿਵਸ ਦੀ ਖੁਸ਼ੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 31 ਮਾਰਚ 2026 ਤੱਕ ਦੁਪਹਿਰ ਦੇ ਖਾਣੇ (ਮਿੱਡ-ਡੇਅ ਮੀਲ) ਵਿੱਚ ਦੇਸੀ ਘਿਓ ਦੀ ਪਿੰਨੀ ਅਤੇ ਖੀਰ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਇਸ ਹਫ਼ਤੇ ਸਾਰੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਪੌਸ਼ਟਿਕ ਭੋਜਨ ਪਰੋਸੇ ਜਾਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਤੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਸੂਬੇ ਭਰ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ 60ਵੇਂ ਹਰਿਆਣਾ ਦਿਵਸ ’ਤੇ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਸੂਬੇ ਦੇ ਸੰਤੁਲਿਤ ਵਿਕਾਸ ਦਾ ਭਰੋਸਾ ਦਿਵਾਇਆ।
