ਜਗਮੋਹਨ ਸਿੰਘ
ਘਨੌਲੀ, 15 ਦਸੰਬਰ
ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਨੰਗਲ ਸਰਸਾ ਵਿੱਚ ਚੱਲ ਰਿਹਾ ਸਾਲਾਨਾ ਸ਼ਹੀਦੀ ਜੋੜ ਮੇਲ ਅੱਜ ਬਾਅਦ ਦੁਪਹਿਰ ਸਮਾਪਤ ਹੋ ਗਿਆ। ਗੁਰਦਆਰੇ ਵਿੱਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਅਖੰਡ ਪਾਠ ਦੇ ਭੋਗ ਪੈਣ ਤੋਂ ਬਾਅਦ ਭਾਈ ਉਦੈ ਸਿੰਘ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਛੱਡਣ ਤੋਂ ਲੈ ਕੇ ਚਾਰੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਗੁਰੂ ਸਾਹਿਬ ਵੱਲੋਂ ਧਰਮ ਬਚਾਉਣ ਦੀ ਖਾਤਰ ਲੜੇ ਗਏ ਯੁੱਧਾਂ ਦਾ ਬਿਰਤਾਂਤ ਸੁਣਾਉਂਦਿਆਂ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਹੀਦੀ ਪੰਦਰਵਾੜੇ ਦੌਰਾਨ ਕੋਈ ਖੁਸ਼ੀ ਵਾਲਾ ਸਮਾਗਮ ਨਾ ਕਰਵਾਉਣ ਅਤੇ ਕਿਸੇ ਨੂੰ ਸਿਰੋਪਾ ਭੇਟ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਸਾਬਕਾ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਅਕਾਲੀ ਆਗੂ ਜਰਨੈਲ ਸਿੰਘ ਸਹੋਤਾ ਸਮੇਤ ਹੋਰ ਹਾਜ਼ਰ ਸਨ। ਅੱਜ ਪਿੰਡ ਕੋਟਬਾਲਾ ਦੇ ਸ਼ਰਧਾਲੂਆਂ ਵੱਲੋਂ ਜੋੜ ਮੇਲ ਵਿੱਚ ਸ਼ਾਮਲ ਹੋਣ ਆਈ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।