ਐੱਸ.ਏ.ਐੱਸ. ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (94) ਦੀ ਤਬੀਅਤ ਅਚਾਨਕ ਖ਼ਰਾਬ ਹੋਣ ਕਾਰਨ ਲੰਘੀ ਰਾਤ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਬਾਦਲ ਨੂੰ ਲੰਘੀ ਰਾਤ ਕਈ ਵਾਰ ਉਲਟੀਆਂ ਆਉਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਬੀਤੀ 6 ਜੂਨ ਨੂੰ ਵੀ ਉਨ੍ਹਾਂ ਨੂੰ ਪੇਟ ਵਿੱਚ ਤਕਲੀਫ਼ ਹੋਣ ਕਾਰਨ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਪਰੰਤ ਸਿਹਤ ਵਿੱਚ ਸੁਧਾਰ ਹੋਣ ’ਤੇ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਸੀ। ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਦਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਸੀ ਪਰ ਲੰਘੀ ਰਾਤ ਅਚਾਨਕ ਅਕਾਲੀ ਆਗੂ ਦੀ ਫਿਰ ਤੋਂ ਤਬੀਅਤ ਖ਼ਰਾਬ ਹੋ ਗਈ। ਫੂਡ ਪੁਆਇਜ਼ਨਿੰਗ ਹੋਣ ਕਾਰਨ ਉਨ੍ਹਾਂ ਨੂੰ ਦਸਤ ਤੇ ਉਲਟੀਆਂ ਦੀ ਸ਼ਿਕਾਇਤ ਹੋ ਗਈਸੀ। ਉਂਜ, ਹੁਣ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਦੀ ਹਾਲਤ ਸਥਿਰ ਹੈ। ਫੂਡ ਪੁਆਇਜ਼ਨਿੰਗ ਹੋਣ ਕਾਰਨ ਉਲਟੀਆਂ ਲੱਗਣ ਕਰ ਕੇ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਪਰ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ।