ਦਵਿੰਦਰ ਪਾਲ
ਚੰਡੀਗੜ੍ਹ, 17 ਜੁਲਾਈ
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਦਿੱਲੀ ਦੀਟਾਂ ਹੱਦਾਂ ’ਤੇ ਇਕੱਠ ਵਧਾਉਣ ਦਾ ਸੱਦਾ ਦਿੱਤਾ ਹੈ। ਸੰਘਰਸ਼ੀ ਅਖਾੜਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਪਿੰਡਾਂ ਵਿੱਚ ਵਿਉਂਤਬੰਦੀ ਕਰਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ 22 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਦੌਰਾਨ ਹਰ ਰੋਜ਼ ਵੱਡੇ ਕਾਫ਼ਲੇ ਦਿੱਲੀ ਦੀਆਂ ਹੱਦਾਂ ਵੱਲ ਕੂਚ ਕਰਨ। ਇਸ ਪ੍ਰੋਗਰਾਮ ਲਈ ਮਹਿਲਾਵਾਂ ਵਿੱਚ ਉਤਸ਼ਾਹ ਦੇ ਮੱਦੇਨਜ਼ਰ ਠਹਿਰਾਅ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।
ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਮੋਦੀ ਸਰਕਾਰ ਨੂੰ ਝੁਕਾਉਣ ਲਈ ਅਤੇ ਸਾਢੇ 10 ਮਹੀਨਿਆਂ ਤੋਂ ਚੱਲ ਰਹੇ ਸ਼ਾਤਮਈ ਅੰਦੋਲਨ ਨੂੰ ਕਾਮਯਾਬ ਬਣਾਉਣ ਲਈ ਸੰਯੁਕਤ ਮੋਰਚੇ ਦੇ ਹਰ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਸਮੂਹ ਵਰਗਾਂ ਨੂੰ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਏਕਤਾ ਹੀ ਫਿਰਕਾਪ੍ਰਸਤ ਅਤੇ ਤਾਨਾਸ਼ਾਹ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਨੂੰ ਰੱਦ ਕਰਾਉਣ ਦਾ ਇੱਕ ਸਾਧਨ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਭਾਜਪਾ ’ਤੇ ਕਿਸਾਨ ਅੰਦੋਲਨ ਦਾ ਦਬਾਅ ਵਧਣ ਲੱਗਿਆ ਹੈ, ਜਿਸ ਕਾਰਨ ਆਏ ਦਿਨ ਭਾਜਪਾ ਆਗੂ ਆਪਣੀ ਲੀਡਰਸ਼ਿਪ ਵਿਰੁੱਧ ਬਗਾਵਤ ਕਰ ਰਹੇ ਹਨ। ਅਨਿਲ ਜੋਸ਼ੀ ਨੇ ਕਿਸਾਨਾਂ ਦੀ ਗੱਲ ਸੁਣਨ ਬਾਰੇ ਬੋਲਿਆ ਤਾਂ ਉਸ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਇਸ ਤੋਂ ਬਾਅਦ ਕਈ ਹੋਰ ਭਾਜਪਾ ਆਗੂ ਕਿਸਾਨਾਂ ਦੀ ਗੱਲ ਸੁਣਨ ਬਾਰੇ ਆਵਾਜ਼ ਚੁੱਕਣ ਲੱਗੇ ਹਨ। ਇਹ ਕਿਸਾਨ ਅੰਦੋਲਨ ਦੀ ਇਖਲਾਕੀ ਜਿੱਤ ਹੈ ਅਤੇ ਜਲਦੀ ਹੀ ਇਹ ਅੰਦੋਲਨ ਹਕੀਕੀ ਜਿੱਤ ਵੀ ਹਾਸਲ ਕਰ ਲਵੇਗਾ।
ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਦੇਸ਼ ਭਰ ’ਚ ਉਠਿਆ ਰੋਹ ਭਾਜਪਾ ਦੇ ਪਤਨ ਦਾ ਆਧਾਰ ਬਣੇਗਾ।
ਚੰਡੀਗੜ੍ਹ ਪੁਲੀਸ ਨੂੰ ਅੰਦੋਲਨ ਵਿਰੋਧੀ ਰਵੱਈਆ ਬਦਲਣ ਦੀ ਸਲਾਹ
ਬੁਲਾਰਿਆਂ ਨੇ ਮੰਗ ਕੀਤੀ ਕਿ ਸਿਰਸਾ ਵਿੱਚ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਦਰਜ ਕੇਸ ਤੁਰੰਤ ਰੱਦ ਕੀਤੇ ਜਾਣ। ਕਿਸਾਨ ਬੁਲਾਰਿਆਂ ਨੇ ਅੱਜ ਚੰਡੀਗੜ੍ਹ ਪੁਲੀਸ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ, ਬੱਚਿਆਂ ਅਤੇ ਔਰਤਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਸਲਾਹ ਦਿੱਤੀ ਕਿ ਚੰਡੀਗੜ੍ਹ ਪੁਲੀਸ ਆਪਣੇ ਅੰਦੋਲਨ ਵਿਰੋਧੀ ਰਵੱਈਏ ਨੂੰ ਬਦਲੇ।