ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 13 ਸਤੰਬਰ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਭੇਜੇ ਗਏ 1 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਸੀਐੱਚਸੀ ਧਾਰੀਵਾਲ ਵਿੱਚ ਬਣਨ ਵਾਲੇ 500 ਐੱਲਪੀਐੱਮ ਆਕਸੀਜਨ ਪਲਾਂਟ ਦਾ ਅੱਜ ਨੀਂਹ ਪੱਥਰ ਰੱਖਿਆ, ਜੋ 31 ਅਕਤੂਬਰ 2021 ਤੱਕ ਬਣ ਕੇ ਮੁਕੰਮਲ ਹੋਵੇਗਾ। ਸ੍ਰੀ ਬਾਜਵਾ ਨੇ ਸਭ ਤੋਂ ਪਹਿਲਾਂ ਦੇਸ਼-ਵਿਦੇਸ਼ ਦੀ ਸਮੂਹ ਸੰਗਤ ਨੂੰ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੌਰਾਨ ਆਕਸੀਜਨ ਦੀ ਘਾਟ ਨੂੰ ਮੁੱਖ ਰੱਖਦਿਆਂ ਸੀਐੱਚਸੀ ਧਾਰੀਵਾਲ ਵਿੱਚ ਆਕਸੀਜਨ ਪਲਾਂਟ ਲਗਾਉਣ ਦਾ ਉਪਰਾਲਾ ਕੀਤਾ ਹੈ। ਉੱਨਾਂ ਦੱਸਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਗਨਰੇਗਾ ਤਹਿਤ ਜ਼ਿਲ੍ਹਾ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਰਵਾਏ ਸਰਵਬੱਖੀ ਵਿਕਾਸ ਕਾਰਜਾਂ ਲਈ 200 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨਾਂ ਨੇ ਐਸ.ਐਸ.ਪੀ ਗੁਰਦਾਸਪੁਰ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਅਤੇ ਖਾਸ ਕਰਕੇ ਨਸ਼ਾ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਆਖਿਆ। ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੰਨੇ ਦਾ ਭਾਅ ਵਧਾਉਣ ਨਾਲ ਹੁਣ ਮਾਝਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਕਰੀਬ 300 ਕਰੋੜ ਦਾ ਲਾਭ ਮਿਲੇਗਾ। ਕੇਂਦਰ ਸਰਕਾਰ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਖਤਮ ਨਹੀਂ ਕਰਦੀ, ਉਹ ਸੰਯੁਕਤ ਕਿਸਾਨ ਮੋਰਚੇ ਨਾਲ ਖੜ੍ਹੇ ਹਨ। ਪੰਜਾਬ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਨੂੰ ਰਾਹਤ ਦਿੰਦਿਆਂ ਬਿਜਲੀ ਦੀਆਂ ਦਰਾਂ ਜਲਦ ਘਟਾਈਆਂ ਜਾਣਗੀਆਂ। ਉਨਾਂ ਦੱਸਿਆ ਸਕਿੱਲ ਅਤੇ ਆਈਟੀ ਸੈਕਟਰ ਨਾਲ ਜੋੜ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੁੱਹਈਆ ਕਰਵਾਇਆ ਜਾਵੇਗਾ ਅਤੇ ਅਗਲੇ ਦਿਨਾਂ ਵਿਚ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ 1 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨਾਂ ਵਿੱਚ ਕਰੀਬ 20 ਹਜ਼ਾਰ ਕੱਚੇ ਮੁਲਾਜ਼ਮਾ ਨੂੰ ਪੱਕਾ ਕਰਨਾ ਵੀ ਸ਼ਾਮਲ ਹੋਵੇਗਾ। ਇਸ ਮੌਕੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ.ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਜਗਵਿੰਦਰਜੀਤ ਸਿੰਘ ਗਰੇਵਾਲ ਕਮਿਸ਼ਨਰ ਨਗਰ ਨਿਗਮ ਬਟਾਲਾ, ਬਲਵਿੰਦਰ ਸਿੰਘ ਐੱਸਡੀਐੱਮ ਗੁਰਦਾਸਪੁਰ, ਡਾ. ਹਰਭਜਨ ਰਾਮ ਸਿਵਲ ਸਰਜਨ, ਬਰਿੰਦਰ ਸਿੰਘ ਛੋਟੇਪੁਰ ਸੂਬਾ ਸਕੱਤਰ ਪੀਪੀਸੀਸੀ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰ, ਐੱਸ.ਐੱਮ.ਓ ਧਾਰੀਵਾਲ ਡਾ. ਦਲੀਜਤ ਸਿੰਘ ਆਦਿ ਵੀ ਮੌਜੂਦ ਸਨ।