ਅੰਮ੍ਰਿਤਪਾਲ ਨੂੰ ਪੈਰੋਲ ਨਾ ਦੇਣ ’ਤੇ ਪਾਰਟੀ ਵੱਲੋਂ ਇਤਰਾਜ਼
ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਦਿੱਤੇ ਗਏ ਪੱਤਰ ਨੂੰ ਸਰਕਾਰ ਵੱਲੋਂ ਰੱਦ ਕੀਤੇ ਜਾਣ ’ਤੇ ਜਥੇਬੰਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵੱਲੋਂ ਸਰਕਾਰ ਦੇ ਇਸ ਵਤੀਰੇ ’ਤੇ ਇਤਰਾਜ਼ ਕੀਤਾ ਗਿਆ ਹੈ। ਇਸ ਦਾ ਖੁਲਾਸਾ ਅੱਜ ਜਥੇਬੰਦੀ ਦੇ ਆਗੂਆਂ ਵੱਲੋਂ ਇੱਥੇ ਕੀਤਾ ਗਿਆ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ,ਪਰਮਜੀਤ ਸਿੰਘ ਜੌਹਲ, ਹਰਭਜਨ ਸਿੰਘ ਤੁੜ, ਸ਼ਮਸ਼ੇਰ ਸਿੰਘ ਪੱਧਰੀ, ਅਮਰਜੀਤ ਸਿੰਘ ਵਨ ਚਿੜੀ, ਸੁਖਦੇਵ ਸਿੰਘ ਕਾਦੀਆਂ, ਅਮਨਦੀਪ ਸਿੰਘ, ਦਇਆ ਸਿੰਘ, ਪਰਗਟ ਸਿੰਘ, ਜਸਵਿੰਦਰ ਸਿੰਘ ਤੇ ਹੋਰ ਪਾਰਟੀ ਆਗੂ ਸ਼ਾਮਲ ਸਨ। ਸ੍ਰੀ ਤਰਸੇਮ ਸਿੰਘ ਨੇ ਦੱਸਿਆ ਕਿ ਤਿੰਨ ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਪੱਤਰ ਭੇਜਿਆ ਗਿਆ ਸੀ, ਜਿਸ ਵਿੱਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਘੱਟੋ ਘੱਟ ਮਹੀਨੇ ਦੀ ਪੈਰੋਲ ਦੇਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਦੇ ਹਲਕੇ ਵਿੱਚ ਹੜ੍ਹ ਆਇਆ ਹੋਇਆ ਹੈ ਅਤੇ ਲੋਕ ਹੜ੍ਹਾਂ ਕਾਰਨ ਪੀੜਤ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਨੂੰ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਹਲਕੇ ਵਿੱਚ ਆ ਕੇ ਆਪਣੇ ਅਖਤਿਆਰੀ ਫੰਡ ਰਾਹੀ ਪੀੜਤ ਲੋਕਾਂ ਦੀ ਮਦਦ ਕਰ ਸਕਣ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਨੇ ਆਪਣੀਆਂ ਬੇਤੁਕੀਆਂ ਦਲੀਲਾਂ ਰਾਹੀਂ ਇਸ ਅਪੀਲ ਨੂੰ ਰੱਦ ਕਰ ਦਿੱਤਾ। ਪੰਜਾਬ ਵਿੱਚ ਆਏ ਹੜ੍ਹਾਂ ਲਈ ਜਥੇਬੰਦੀ ਦੇ ਆਗੂਆਂ ਨੇ ਮੌਜੂਦਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਇਸ ਮਾਮਲੇ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਸਾਰੇ ਹੱਕ ਪੰਜਾਬ ਨੂੰ ਸੌਂਪੇ ਜਾਣ। ਪੰਜਾਬ ਨੂੰ ਹੜ੍ਹਾਂ ਤੋਂ ਪੀੜਤ ਲੋਕਾਂ ਦੀ ਮਦਦ ਲਈ ਕੇਂਦਰ ਵੱਲੋਂ ਦਿੱਤੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਵਧਾ ਕੇ 25 ਹਜ਼ਾਰ ਕਰੋੜ ਰੁਪਏ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀ ਨੇ ਹੜ੍ਹਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ।
ਸੰਨੀ ਦੇ ਪਰਿਵਾਰਕ ਮੈਂਬਰ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਉਣ ’ਤੇ ਬਣੀ ਸਹਿਮਤੀ
ਜਥੇਬੰਦੀ ਵੱਲੋਂ ਸੰਗਰੂਰ ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਸੰਨੀ ਜਾਂ ਉਸ ਦੇ ਪਰਿਵਾਰਕ ਮੈਂਬਰ ਨੂੰ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਖੜ੍ਹੇ ਹੋਣ ’ਤੇ ਪੂਰਨ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ। ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਪਾਰਟੀ ਵੱਲੋਂ ਇਸ ਸਬੰਧ ਵਿੱਚ ਸੰਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ ਜਾ ਰਹੀ ਹੈ। ਪਾਰਟੀ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਉਣ ਲਈ ਸਹਿਮਤ ਹੈ। ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਸੰਨੀ ’ਤੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਕਤਲ ਕਰਨ ਦਾ ਦੋਸ਼ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ।
ਹਮਖ਼ਿਆਲ ਪਾਰਟੀ ਨਾਲ ਚੋਣ ਸਮਝੌਤਾ ਹੋ ਸਕਦੈ: ਤਰਸੇਮ ਸਿੰਘ
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਦੇ ਹੁਕਮਾਂ ’ਤੇ ਉਨ੍ਹਾਂ ਦੇ ਪੁੱਤਰ ਨੂੰ ਜੇਲ੍ਹ ਵਿੱਚ ਰੱਖਿਆ ਹੋਇਆ ਹੈ, ਜਦਕਿ ਅੰਮ੍ਰਿਤਪਾਲ ਸਿੰਘ ਲੋਕਾਂ ਦਾ ਚਹੇਤਾ ਮੈਂਬਰ ਪਾਰਲੀਮੈਂਟ ਹੈ ਪਰ ਹੁਣ ਪੰਜਾਬੀਆਂ ਨੇ ਤੈਅ ਕਰ ਲਿਆ ਹੈ ਕਿ 2027 ਵਿੱਚ ‘ਆਪ’ ਨੂੰ ਪੰਜਾਬ ਵਿਚੋਂ ਚੱਲਦਾ ਕਰਨਾ ਹੈ। ਤਰਸੇਮ ਸਿੰਘ ਇੱਥੇ ਨੇੜਲੇ ਪਿੰਡ ਲੰਗ ਵਿੱਚ ਸ਼ਹੀਦ ਭਗਤ ਸਿੰਘ ਸਪੋਰਟਸ ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ 54ਵੇਂ ਖੇਡ ਮੇਲੇ ਵਿੱਚ ਆਏ ਹੋਏ ਸਨ। ਉਨ੍ਹਾਂ ਕਿਹਾ ਕਿ 2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ਪੰਜਾਬ ਦੇ ਮਸਲਿਆਂ ’ਤੇ ਸਹੀ ਢੁਕਦੀ ਪਾਰਟੀ ਨਾਲ ਸਮਝੌਤਾ ਕਰ ਸਕਦੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਸਿਆਸੀ ਸਮਝੌਤੇ ਲਈ ਕੋਈ ਕਿਸੇ ਪਾਰਟੀ ਨਾਲ ਗੱਲ ਨਹੀਂ ਚੱਲੀ। ਜੇ ਹਮਖ਼ਿਆਲ ਪਾਰਟੀ ਨਾਲ ਸਾਡਾ ਕੋਈ ਸਮਝੌਤਾ ਨਹੀਂ ਹੁੰਦਾ ਤਾਂ ਉਹ ਪੰਜਾਬ ਭਰ ਵਿੱਚ ਇਕੱਲੇ ਹੀ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਮਾਮਲੇ ਵਿੱਚ ਭਾਜਪਾ ਤੇ ‘ਆਪ ਸਰਕਾਰ’ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦਾ ਵਿਸਥਾਰ ਜਲਦ ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਹਰ ਵਿਅਕਤੀ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ। ਇਸ ਮੌਕੇ ਭਗਤ ਸਿੰਘ ਸਪੋਰਟਸ ਸੋਸ਼ਲ ਵੈੱਲਫੇਅਰ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਗੁਰਦੀਪ ਸਿੰਘ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ ਵੱਲੋਂ ਤਰਸੇਮ ਸਿੰਘ, ਪਰਮਜੀਤ ਸਿੰਘ ਜੌਹਲ, ਜਸਵਿੰਦਰ ਸਿੰਘ ਡਰੋਲੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ ਨੇ ਕਲੱਬ ਨੂੰ 11 ਹਜ਼ਾਰ ਰੁਪਏ ਦਿੱਤੇ।
ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਅੱਜ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਵਾਰਿਸ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਪਹਿਲੀ ਅਕਤੂਬਰ ਨੂੰ ਇੱਥੇ ਭਾਈ ਰਣਧੀਰ ਸਿੰਘ ਨਗਰ ਕਮਿਊਨਿਟੀ ਸੈਂਟਰ ਹਾਲ ਵਿੱਚ ਹੋਵੇਗੀ। ਇਸ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ ਤੋਂ ਇਲਾਵਾ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਸਣੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਫ਼ੈਸਲਾ ਲਿਆ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਜਸਵੰਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਣੇ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਲੁਧਿਆਣਾ ਦੇ ਆਗੂ ਅਤੇ ਵਰਕਰ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਅਤੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਲਈ ਵਿਚਾਰਾਂ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।