ਪਾਲ ਸਿੰਘ ਨੌਲੀ
ਜਲੰਧਰ, 19 ਮਈ
ਪਨਬੱਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਆਰੰਭੀ ਗਈ ਹੜਤਾਲ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਅੱਜ ਸਾਰਾ ਦਿਨ ਨਿੱਜੀ ਬੱਸਾਂ ਵਿੱਚ ਸਵਾਰੀਆਂ ਦੀ ਭਰਮਾਰ ਰਹੀ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ ਪਰ ਦੇਰ ਸ਼ਾਮ ਹੜਤਾਲੀ ਮੁਲਾਜ਼ਮਾਂ ਨੂੰ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਮੀਟਿੰਗ ਲਈ ਸਮਾਂ ਮਿਲਣ ਮਗਰੋਂ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ। ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਦਲਜੀਤ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਟਰਾਂਸਪੋਟਰਟ ਵਿਭਾਗ ਦੇ ਸਕੱਤਰ ਵੱਲੋਂ ਗੱਲਬਾਤ ਦਾ ਸੱਦਾ ਆ ਜਾਣ ਕਾਰਨ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਸੱਦਾ ਆਉਣ ਬਾਅਦ ਪੌਣੇ ਅੱਠ ਵਜੇ ਦੇ ਕਰੀਬ ਕੁਝ ਬੱਸ ਚਲਾ ਦਿੱਤੀਆਂ ਗਈਆਂ ਹਨ ਅਤੇ ਭਲਕੇ 20 ਮਈ ਨੂੰ ਸਾਰੀਆਂ ਸਰਕਾਰੀ ਬੱਸਾਂ ਸੜਕਾਂ ’ਤੇ ਦੌੜਨਗੀਆਂ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਭਲਕੇ 20 ਮਈ ਨੂੰ ਦੁਪਹਿਰ ਬਾਅਦ ਚੰਡੀਗੜ੍ਹ ਵਿੱਚ ਮੰਗਾਂ ਬਾਰੇ ਮੀਟਿੰਗ ਹੋਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਰੋਡਵੇਜ਼ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 24 ਮਈ ਨੂੰ ਪੰਜਾਬ ਦੇ ਬੱਸ ਅੱਡਿਆਂ ਦਾ ਘਿਰਾਓ ਕੀਤਾ ਜਾਵੇਗਾ ਤੇ 8,9 ਤੇ 10 ਜੂਨ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਭੁੱਲਰ ਤੇ ਦਲਜੀਤ ਸਿੰਘ ਨੇ ਦੱਸਿਆ ਸੀ ਕਿ ਹੜਤਾਲ ਦੇ ਦੂਜੇ ਦਿਨ ਮੁਲਾਜ਼ਮਾਂ ਦੀ ਇੱਕ-ਇੱਕ ਮਹੀਨੇ ਦੀ ਤਨਖਾਹ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ ਤੇ ਬਾਕੀ ਰਹਿੰਦੀਆਂ ਮੰਗਾਂ ਵੀ ਸਰਕਾਰ ਤੋਂ ਮਨਵਾਈਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਡਿਊਟੀ ਵਾਲਾ ਰੋਸਟਰ ਬਣਾਉਣ ਦਾ ਅਧਿਕਾਰ ਚੰਡੀਗੜ੍ਹ ਦੇ ਮੁੱਖ ਦਫ਼ਤਰ ਕੋਲ ਨਹੀਂ, ਸਗੋਂ ਡਿੱਪੂਆਂ ਕੋਲ ਹੋਣਾ ਚਾਹੀਦਾ ਹੈ। ਆਗੂਆਂ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ’ਤੇ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵੀ ਲਾਏ ਹਨ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨਾਲ ਸੀਨੀਅਰ ਅਧਿਕਾਰੀ ਕਥਿਤ ਗੁਲਾਮਾਂ ਵਾਲਾ ਵਿਵਹਾਰ ਕਰਦੇ ਹਨ। ਉਨ੍ਹਾਂ ਆਖਿਆ ਕਿ ਪਨਬੱਸ ਤੇ ਪੀਆਰਟੀਸੀ ਦੀਆਂ ਬੱਸਾਂ ’ਚ ਓਵਰਲੋਡ ਸਵਾਰੀਆਂ ਹੁੰਦੀਆਂ ਹਨ। ਵਿਭਾਗ ਦੇ ਅਧਿਕਾਰੀ ਉਨ੍ਹਾਂ ਨੂੰ 52 ਸੀਟਾਂ ਵਾਲੀ ਬੱਸ ਵਿੱਚ 100 ਤੋਂ 150 ਤੱਕ ਸਵਾਰੀਆਂ ਚੜ੍ਹਾਉਣ ਲਈ ਮਜਬੂਰ ਕਰਦੇ ਹਨ, ਜਦਕਿ ਕਾਨੂੰਨੀ ਤੌਰ ’ਤੇ ਵਾਧੂ ਸਵਾਰੀਆਂ ਬਿਠਾਉਣ ’ਤੇ ਪਾਬੰਦੀ ਹੈ। ਪੰਜਾਬ ਰੋਡਵੇਜ਼, ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਹੜਤਾਲ ਕਾਰਨ 2800 ਬੱਸਾਂ ਖੜ੍ਹ ਗਈਆਂ ਸਨ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਰੋਜ਼ਾਨਾ ਕਰੋੜਾਂ ਦਾ ਘਾਟਾ ਪੈ ਰਿਹਾ ਸੀ।