ਸੁਰਿੰਦਰ ਸਿੰਘ ਚੌਹਾਨ
‘ਆਪ’ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਜਬਰ-ਜਨਾਹ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕਰਨ ਲਈ ਪੁਲੀਸ ਵੱਲੋਂ ਵਿਸ਼ੇਸ਼ ਟੀਮ ਬਣਾਈ ਗਈ ਸੀ ਪਰ ਅੱਧਾ ਮਹੀਨਾ ਬੀਤਣ ਦੇ ਬਾਵਜੂਦ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲੀਸ ਟੀਮ ਵੱਲੋਂ ਵਿਧਾਇਕ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਇਸੇ ਦੌਰਾਨ ਉਸ ਦੀ ਫ਼ਰਾਰ ਹੋਣ ਵਿੱਚ ਸਹਾਇਤਾ ਕਰਨ ਦੇ ਦੋਸ਼ ਹੇਠ ਕਰੀਬ ਦੋ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪਠਾਣਮਾਜਰਾ ਵੱਲੋਂ ਆਪਣੀ ਹੀ ਪਾਰਟੀ ਖ਼ਿਲਾਫ਼ ਬਗ਼ਾਵਤ ਕਰਦਿਆਂ ਦਿੱਲੀ ਦੇ ‘ਆਪ’ ਆਗੂਆਂ, ਆਈ ਏ ਐੱਸ ਅਧਿਕਾਰੀ ਕ੍ਰਿਸ਼ਨ ਕੁਮਾਰ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਸੀ। ਇਸ ਮਗਰੋਂ ਪੁਲੀਸ ਨੇ ਜਬਰ-ਜਨਾਹ ਦੇ ਕੇਸ ਵਿੱਚ ਹਰਿਆਣਾ ਦੇ ਡਬਰੀ ਪਿੰਡ ਦੇ ਇੱਕ ਘਰ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਦੋ ਸਤੰਬਰ ਨੂੰ ਛਾਪਾ ਮਾਰਿਆ ਸੀ ਪਰ ਉਹ ਆਪਣੇ ਰਿਸ਼ਤੇਦਾਰ ਦੇ ਘਰ ਤੋਂ ਲੋਕਾਂ ਦੀ ਸਹਾਇਤਾ ਨਾਲ ਫ਼ਰਾਰ ਹੋ ਗਿਆ ਸੀ। ਪੁਲੀਸ ਵੱਲੋਂ ਹਰਿਆਣਾ ਦੇ ਡਬਰੀ ਪਿੰਡ ਵਿੱਚ ਦੁਬਾਰਾ ਛਾਪਾ ਮਾਰ ਕੇ ਕੁੱਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਤੋਂ ਬਾਅਦ ਵੀ ਪਠਾਣਮਾਜਰਾ ਪੁਲੀਸ ਦੇ ਹੱਥ ਨਹੀਂ ਲੱਗਿਆ। ਉਸ ਦੀ ਜ਼ਮਾਨਤ ਦੀ ਅਪੀਲ ਵੀ ਪਟਿਆਲਾ ਦੀ ਅਦਾਲਤ ਵੱਲੋਂ ਖਾਰਜ਼ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਵੀ ਪਠਾਣਮਾਜਰਾ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਸਰਕਾਰ ਵੱਲੋਂ ਵਿਧਾਇਕ ਦੀ ਸਰਕਾਰੀ ਕੋਠੀ ਖਾਲੀ ਕਰਵਾਉਣ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਥਾਣਾ ਮੁਖੀਆਂ ਦੀ ਬਦਲੀਆਂ ਵੀ ਕੀਤੀਆਂ ਗਈਆਂ ਸਨ।
ਵਿਧਾਇਕ ਦੇ ਰਿਸ਼ਤੇਦਾਰਾਂ ਦੇ ਪੱਖ ਵਿੱਚ ਆਏ ਝੀਂਡਾ
ਪਟਿਆਲਾ (ਪੱਤਰ ਪ੍ਰੇਰਕ): ‘ਆਪ’ ਦੇ ਬਾਗ਼ੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਸੂਬਾ ਸਰਕਾਰ ਵੱਲੋਂ ਕੀਤੀ ਕਾਰਵਾਈ ’ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਲ ਖੜ੍ਹੇ ਕੀਤੇ ਗਏ ਹਨ। ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸ੍ਰੀ ਪਠਾਣਮਾਜਰਾ ਦੇ ਰਿਸ਼ਤੇਦਾਰਾਂ ’ਤੇ ਪੰਜਾਬ ਪੁਲੀਸ ਵੱਲੋਂ ਕਾਰਵਾਈ ’ਤੇ ਵੀ ਇਤਰਾਜ਼ ਜ਼ਾਹਿਰ ਕੀਤਾ ਹੈ। ਉਨ੍ਹਾਂ ਪੰਜਾਬ ਪੁਲੀਸ ’ਤੇ ਹਰਿਆਣਾ ਦਾ ਮਾਹੌਲ ਖ਼ਰਾਬ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ’ਚ ਮੁੱਖ ਮੰਤਰੀ ਨਾਇਬ ਸੈਣੀ ਨੂੰ ਮਿਲਣ ਜਾਣਗੇ। ਜਥੇਦਾਰ ਝੀਂਡਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਰਿਸ਼ਤੇਦਾਰ ਦੇ ਘਰ ਆ ਸਕਦਾ ਹੈ। ਪੰਜਾਬ ਪੁਲੀਸ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਦੀ ਥਾਂ ਵਿਧਾਇਕ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰੇ। ਸ੍ਰੀ ਝੀਂਡਾ ਨੇ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਹਰਿਆਣਾ ਕਮੇਟੀ ਨਾਲ ਸਬੰਧਤ ਕੋਈ ਮੁੱਦਾ ਹੋਵੇ, ਤਾਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇ।