ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਜੁਲਾਈ
ਕੌਂਸਲ ਆਫ ਡਿਪਲੋਮਾ ਇੰਜਨੀਅਰ ਪੰਜਾਬ ਦੇ ਸੱਦੇ ‘ਤੇ ਅੱਜ ਕੌਂਸਲ ਆਫ ਡਿਪਲੋਮਾ ਇੰਜਨੀਅਰ ਪਟਿਆਲਾ ਵੱਲੋਂ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਛੇਵੇਂ ਪੇ ਕਮਿਸ਼ਨ ਦੀਆਂ ਕਾਪੀਆਂ ਸਾੜ ਕੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਇਸ ਰੋਸ ਦੀ ਅਗਵਾਈ ਕਮਰਜੀਤ ਸਿੰਘ ਮਾਨ, ਗੁਰਜੀਤ ਸਿੰਘ ਸ਼ੇਰਗਿੱਲ ਤੇ ਅਮਰਿੰਦਰ ਸਿੰਘ ਢਿੱਲੋਂ ਨੇ ਕੀਤੀ। ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦਸੰਬਰ 2011 ਨੂੰ ਅਨਾਮਲੀ ਦੂਰ ਕਰਕੇ ਜੋ ਸਕੇਲ ਅਤੇ 30 ਲਿਟਰ ਪੈਟਰੋਲ ਦੀ ਸਹੂਲਤ ਦਿੱਤੀ ਗਈ ਸੀ ਉਹ ਛੇਵੇਂ ਪੇਅ ਕਮਿਸ਼ਨ ਨੇ ਖੋਹਣ ਦੀ ਤਿਆਰੀ ਕਰ ਲਈ ਹੈ। ਇਸ ਤੋਂ ਇਲਾਵਾ ਸਾਲ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਪ੍ਰਮੋਸ਼ਨ ਕੋਟਾ ਚੰਡੀਗੜ੍ਹ ਪੈਟਰਨ ’ਤੇ ਕਰਨ ਲਈ ਇੰਜਨੀਅਰ ਵਰਗ ਸੰਘਰਸ਼ ਦੇ ਰਾਹ ‘ਤੇ ਹੈ।
ਇਸ ਮੌਕੇ ਕੁਲਜੀਤ ਸਿੰਘ ਮਠਾੜੂ ਨੇ ਕਿਹਾ ਕਿ 22 ਜੂਨ ਨੂੰ ਸਮੂਹ ਜ਼ਿਲ੍ਹਾ ਹੈੱਡ ਕੁਆਰਟਰਾਂ ਤੋਂ ਸਰਕਾਰ ਨੂੰ ਮੰਗ ਪੱਤਰ ਤੇ ਮੈਮੋਰੰਡਮ ਭੇਜ ਕੇ ਮੀਟਿੰਗ ਦਾ ਸਮਾਂ ਤੈਅ ਕਰਨ ਦੀ ਮੰਗ ਕੀਤੀ ਗਈ ਸੀ ਪਰ ਹਾਲੇ ਤੱਕ ਕੋਈ ਵੀ ਸੱਦਾ ਨਹੀਂ ਮਿਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ, ਅਜੈਬੀਰ ਸਰਾਓ, ਅਮਨਦੀਪ ਸਿੰਘ ਜੇਹਲਬੀ, ਪਵਨਦੀਪ ਸਿੰਘ ਸੇਖੋ, ਜਗਦੀਸ਼ ਸਿੰਘ ਚੀਮਾ, ਜਗਜੀਤ ਸਿੰਘ, ਪ੍ਰਵੀਨ ਸਿੰਘ, ਮਨਪ੍ਰੀਤ ਸਿੰਘ ਨੇ ਸੰਬੋਧਨ ਕੀਤਾ।