ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਮਈ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਾਮਲਾਟ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਵਿੱਢੀ ਮੁਹਿੰਮ ਨੂੰ ਰਾਜ ਭਰ ‘ਚ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਦੋ ਦਿਨਾਂ ‘ਚ 91 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ ਗਈ ਹੈ। ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਮੌਕੇ ਮੰਤਰੀ ਨੇ ਦੱਸਿਆ ਕਿ 5 ਅਤੇ 6 ਮਈ ਨੂੰ ਛੁਡਵਾਈ ਗਈ ਜ਼ਮੀਨ ‘ਚੋਂ 60 ਏਕੜ ਰਕਬਾ ਪਟਿਆਲਾ ਜ਼ਿਲ੍ਹੇ ਦਾ ਹੈ, ਜਦੋਂਕਿ ਹੁਸ਼ਿਆਰਪੁਰ ਜ਼ਿਲ੍ਹੇ ਦੀ 12 ਏਕੜ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ 21.2 ਏਕੜ ਸ਼ਾਮਲਾਟ ਜ਼ਮੀਨ ਸ਼ਾਮਲ ਹੈ, ਜੋ ਕਿ ਗ੍ਰਾਮ ਪੰਚਾਇਤਾਂ ਨੂੰ ਸਪੁਰਦ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤ ਪਾਲਸਿੰਘ ਕੋਹਲੀ ਅਤੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਸਨ। ਮੰਤਰੀ ਨੇ ਅਗਲੇ ਹਫ਼ਤੇ ਦੇ ਮਿੱਥੇ ਟੀਚੇ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਪੰਜਾਬ ਭਰ ‘ਚੋਂ ਸੈਂਕੜੇ ਏਕੜ ਜ਼ਮੀਨ ‘ਚੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾਣਗੇ, ਜਿਸ ‘ਚੋਂ 319 ਏਕੜ ਪਟਿਆਲਾ ਜ਼ਿਲ੍ਹੇ ਦੀ ਜ਼ਮੀਨ ਸ਼ਾਮਲ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਸਾਰੇ ਲੋਕਾਂ ਨੇ ਕਈ ਸਾਲਾਂ ਤੋਂ ਬਕਾਇਆ ਚਕੋਤਾ ਵੀ ਭਰ ਦਿੱਤਾ ਹੈ, ਜਦੋਂਕਿ ਹੁਣ ਤੱਕ ਕੋਈ 257 ਕਰੋੜ ਰੁਪਏ ਦੀ ਜ਼ਮੀਨ ਸਰਕਾਰ ਕੋਲ ਵਾਪਸ ਆਈ ਹੈ।