ਗੁਰਨਾਮ ਸਿੰਘ ਅਕੀਦਾ
ਪਟਿਆਲਾ, 29 ਅਪਰੈਲ
ਪਟਿਆਲਾ ਦੇ ਵਿਧਾਇਕਾਂ ਨੇ ਇਕਮੱਤ ਹੁੰਦਿਆਂ ਸ਼ਹਿਰ ’ਚ ਅੱਜ ਵਾਪਰੀ ਹਿੰਸਕ ਘਟਨਾ ਦੀ ਨਿਖੇਧੀ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਢਾਹ ਲਾਉਣ ਵਾਲਿਆਂ ਨੂੰ ਸਖ਼ਤ ਸੁਨੇਹਾ ਦਿੱਤਾ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਇੱਥੇ ਸਰਕਟ ਹਾਊਸ ਵਿੱਚ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਿੰਦੂ ਤੇ ਸਿੱਖ ਵਸਨੀਕਾਂ ਨੇ ਵੀ ਇਸ ਮੰਦਭਾਗੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਤੇ ਕੋਈ ਵੀ ਸਮਝਦਾਰ ਪਟਿਆਲਾ ਵਾਸੀ ਮਾੜੇ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਧਰਮ ਦੀ ਵਰਤੋਂ, ਰਾਜਨੀਤੀ ਲਈ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਕੋਈ ਪ੍ਰਸ਼ਾਸਨਿਕ ਅਣਗਹਿਲੀ ਜਾਂ ਕਿਸੇ ਹੋਰ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਹੈ ਅਤੇ ਇਸ ਨੂੰ ਬੇਨਾਕਾਬ ਕਰਕੇ ਦੋਸ਼ੀਆਂ ਨੂੰ ਜਲਦ ਹੀ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕ ਪੰਜਾਬ ਨੂੰ ਹੱਸਦਾ-ਵੱਸਦਾ ਤੇ ਤਰੱਕੀ ਕਰਦਾ ਨਹੀਂ ਦੇਖਣਾ ਚਾਹੁੰਦੇ ਇਸ ਲਈ ਅਜਿਹੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਪੰਜਾਬ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ। ‘ਆਪ’ ਵਿਧਾਇਕਾਂ ਨੇ ਜ਼ਿਲ੍ਹਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀ ਪਿੱਠ ਥਾਪੜਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਹਰਕਤ ’ਚ ਨਾ ਆਉਂਦੇ ਤਾਂ ਕੋਈ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ਿਵ ਸੈਨਾ ਆਗੂ ਨੂੰ ਘਰ ’ਚ ਨਜ਼ਰਬੰਦ ਕਰ ਕੇ ਮਾਰਚ ਕੱਢਣ ਤੋਂ ਰੋਕਿਆ ਸੀ ਤੇ ਦੂਜੇ ਪਾਸੇ ਸਿੱਖ ਜਥੇਬੰਦੀਆਂ ਨੂੰ ਵੀ ਕੋਈ ਵਿਰੋਧੀ ਮਾਰਚ ਕੱਢਣ ਤੋਂ ਮਨ੍ਹਾਂ ਕੀਤਾ ਸੀ, ਪਰ ਦੋਵਾਂ ਧਿਰਾਂ ਨੇ ਇਸ ਦੀ ਉਲੰਘਣਾ ਕੀਤੀ ਹੈ, ਜਿਸ ਲਈ ਇਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।