ਰਵੇਲ ਸਿੰਘ ਭਿੰਡਰ
ਪਟਿਆਲਾ, 11 ਫਰਵਰੀ
ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਪੂਟਾ ਵੱਲੋਂ ਅੱਜ ਆਪਣੀਆਂ ਮੰਗਾਂ, ਯੂਨੀਵਰਸਿਟੀ ਨੂੰ ਖੁਦਮੁਖਤਿਆਰੀ ਦੇਣ ਦੀ ਮੰਗ ਤੇ ਹੋਰ ਮਸਲਿਆਂ ’ਤੇ ਅੱਜ ਸਵੇਰੇ ਕਰੀਬ ਦੋ ਘੰਟੇ ਮੇਨ ਗੇਟ ਬੰਦ ਰੱਖ ਕੇ ਕਾਰਜਕਾਰੀ ਵੀਸੀ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ। ਪ੍ਰਦਰਸ਼ਨ ਦੌਰਾਨ ਸ਼ੰਘਰਸ਼ਮਈ ਅਧਿਆਪਕਾਂ ਵੱਲੋਂ ਲੰਮੇ ਸਮੇਂ ਤੋਂ ਲਟਕੀਆਂ ਮੰਗਾ ਤੁਰੰਤ ਮੰਨਣ ਦੀ ਮੰਗ ਕੀਤੀ ਗਈ। ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ ਦੀ ਅਗਵਾਈ ਹੇਠ ਦਿੱਤੇ ਗਏ ਧਰਨੇ ਦੌਰਾਨ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਦੇਣ ਅਤੇ ਕਾਰਜਕਾਰੀ ਵਾਈਸ ਚਾਂਸਲਰ ਦੇ ਯੂਨੀਵਰਸਿਟੀ ਕੈਂਪਸ ਨਾ ਆਉਣ ਉੱਤੇ ਤਿੱਖਾ ਇਤਰਾਜ਼ ਜਤਾਇਆ। ਇਸ ਮੌਕੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਦਾ ਨਿਪਟਾਰਾ ਨਾ ਹੋਣ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਵੀ ਲਿਆ ।