ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ’ਚ ਟੂਣਾ!, ਵਾਰਡਨ ਵੱਲੋਂ ਚੇਤਾਵਨੀ ਜਾਰੀ
ਟ੍ਰਿਬਿਊਨ ਨਿਊਜ਼ ਸਰਵਿਸ
ਪਟਿਆਲਾ, 1 ਮਾਰਚ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਲੜਕੀਆਂ ਦੇ ਹੋਸਟਲ ਵਿਚ ਟੁਣੇ-ਟੋਟਕੇ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਵਾਰਡਨ ਨੇ ਸਖ਼ਤ ਕਾਰਵਾਈ ਦੀ ਚੇਤਾਵਨੀ ਜਾਰੀ ਕੀਤੀ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਦੋ ਦਿਨ ਪਹਿਲਾਂ ਸਵੇਰ ਸਮੇਂ ਹੋਸਟਲ ਦੀਆਂ ਲੜਕੀਆਂ ਨੇ ਉਥੇ ਇਕ ਸਫੈਦ ਚੱਕਰ ਇੱਕ ਨੀਂਬੂ ਅਤੇ ਉਸ ’ਤੇ ਕੁਝ ਲਿਖਿਆ ਹੋਇਆ ਵੇਖਿਆ। ਇਸ ਤੋਂ ਬਾਅਦ ਵਿਦਿਆਰਥਣਾਂ ਵਿਚ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਵਾਰਡਨ ਨੂੰ ਦਿੱਤੀ।
ਵਿਦਿਆਰਥਣਾਂ ਨੇ ਵਾਰਡਨ ਨੂੰ ਦੱਸਿਆ ਕਿ ਪਹਿਲਾਂ ਵੀ ਅਜਿਹੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ। ਯੂਨੀਵਰਸਿਟੀ ਦੇ ਅਧਿਕਾਰੀਆਂ ਅਨੁਸਾਰ ਇਹ ਸ਼ਾਇਦ ਵਿਦਿਅਰਥਣਾਂ ਵੱਲੋਂ ਕੀਤਾ ਕੋਈ ਮਜ਼ਾਕ ਆਦਿ ਵੀ ਹੋ ਸਕਦਾ ਹੈ, ਪਰ ਇਸ ਨਾਲ ਹੋਸਟਲ ਵਿਚ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਜਾਣਕਾਰੀ ਮਿਲਣ ਤੋਂ ਬਾਅਦ ਵਾਰਡਨ ਹਰਪ੍ਰੀਤ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ। ਇਸ ਸਬੰਧੀ ਵਾਰਡਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿਚ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਅਜਿਹੀ ਕਿਸੇ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਖ਼ਿਲਾਫ਼ ਸਖ਼ਤ ਕਾਰਵਈ ਕੀਤੀ ਜਾਵੇਗੀ। ਇਸ ਮਾਮਲੇ ’ਤੇ ਟਿੱਪਣੀ ਲਈ ਵਾਰਡਨ ਨਾਲ ਸੰਪਰਕ ਨਹੀਂ ਹੋ ਸਕਿਆ।
ਯੂਨੀਵਰਸਿਟੀ ਦੇ ਰਜਿਸਟਰਾਰ ਸੰਜੀਵ ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਕਿਸੇ ਵੀ ਪੱਤਰ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ, "ਮੈਂ ਇਸ ਮਾਮਲੇ ਦੀ ਜਾਂਚ ਕਰਾਂਗਾ।"