ਗੁਰਨਾਮ ਸਿੰਘ ਚੌਹਾਨ
ਪਾਤੜਾਂ, 14 ਮਾਰਚ
ਸਿਹਤ ਸੇਵਾਵਾਂ ਵਿੱਚ ਸੁਧਾਰ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਕਮਿਊਨਿਟੀ ਹੈਲਥ ਸੈਂਟਰ ਪਾਤੜਾਂ ਵਿੱਚ ਛਾਪਾ ਮਾਰਿਆ। ਇਸ ਦੌਰਾਨ ਹਸਪਤਾਲ ਦਾ ਸੀਨੀਅਰ ਮੈਡੀਕਲ ਅਫ਼ਸਰ ਰਾਜੇਸ਼ ਕੁਮਾਰ ਨਸ਼ੇ ਦੀ ਹਾਲਤ ਵਿੱਚ ਪਾਇਆ ਗਿਆ। ਛਾਪੇ ਦੀ ਭਿਣਕ ਲੱਗਦਿਆਂ ਹੀ ਹਸਪਤਾਲ ਵਿੱਚ ਭੀੜ ਜੁੜ ਗਈ। ਹਲਕਾ ਵਿਧਾਇਕ ਨੇ ਸਿਹਤ, ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਮੌਕੇ ’ਤੇ ਸੱਦਿਆ। ਨਾਇਬ ਤਹਿਸੀਲਦਾਰ ਪਾਤੜਾਂ ਰਾਮਲਾਲ ਅਤੇ ਡੀਐੱਸਪੀ ਪਾਤੜਾਂ ਰਛਪਾਲ ਸਿੰਘ ਢੀਂਡਸਾ ਦੀ ਦੇਖਰੇਖ ਹੇਠ ਐੱਸਐੱਮਓ ਰਾਜੇਸ਼ ਕੁਮਾਰ ਨੂੰ ਸਿਹਤ ਵਿਭਾਗ ਦੀ ਟੀਮ ਦੇ ਹਵਾਲੇ ਕਰਕੇ ਮੈਡੀਕਲ ਕਰਵਾਇਆ ਗਿਆ। ਇਸ ਮੌਕੇ ਦਫ਼ਤਰ ਦੇ ਨਾਲ ਲੱਗਦੇ ਕਮਰੇ ਵਿੱਚੋਂ ਸ਼ਰਾਬ ਦੀ ਬੋਤਲ ਬਰਾਮਦ ਕੀਤੀ ਗਈ, ਜਿਸ ਨੂੰ ਪੁਲੀਸ ਨੇ ਸੀਲ ਕਰ ਲਿਆ। ਇਸੇ ਦੌਰਾਨ ਕੁੱਝ ਲੋਕਾਂ ਨੇ ਹਲਕਾ ਵਿਧਾਇਕ ਨੂੰ ਹਸਪਤਾਲ ਵਿੱਚ ਤੈਨਾਤ ਔਰਤ ਰੋਗਾਂ ਦੀ ਮਾਹਿਰ ਡਾਕਟਰ ਵੱਲੋਂ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਦੀ ਵੀ ਸ਼ਿਕਾਇਤ ਕੀਤੀ, ਜਿਸ ’ਤੇ ਹਲਕਾ ਵਿਧਾਇਕ ਨੇ ਉਨ੍ਹਾਂ ਨੂੰ ਆਪਣੀ ਬੋਲਬਾਣੀ ਸੁਧਾਰਨ ਦੀ ਹਦਾਇਤ ਕੀਤੀ। ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਸਿਵਲ ਸਰਜਨ ਪਟਿਆਲਾ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੌਕੇ ’ਤੇ ਫੋਨ ਕਰਕੇ ਐੱਸਐੱਮਓ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਕਿਹਾ ਕਿ ਡਾਕਟਰਾਂ ਦੀ ਟੀਮ ਵੱਲੋਂ ਐੱਸਐੱਮਓ ਰਾਕੇਸ਼ ਕੁਮਾਰ ਦਾ ਮੈਡੀਕਲ ਕਰਵਾਉਣ ਮਗਰੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਭਰਤੀ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ।