ਸਤਵਿੰਦਰ ਬਸਰਾ
ਲੁਧਿਆਣਾ, 9 ਨਵੰਬਰ
ਪੀਏਯੂ ਮੁਲਾਜ਼ਮਾਂ ਦੀਆਂ ਤਿੰਨ ਯੂਨੀਅਨਾਂ ਵੱਲੋਂ ਮੰਗਾਂ ਪੂਰੀਆਂ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਸ਼ੁਰੂ ਕੀਤਾ ਰੋਸ ਪ੍ਰਦਰਸ਼ਨ ਅੱਜ ਵੀ ਜਾਰੀ ਰਿਹਾ।
ਇਸ ਦੌਰਾਨ ਮੰਗਾਂ ’ਤੇ ਚਰਚਾ ਲਈ ’ਵਰਸਿਟੀ ਵੱਲੋਂ ਡਾਇਰੈਕਟਰ ਐਕਸਟੈਨਸ਼ਨ ਐਜੂਕੇਸ਼ਨ ਡਾ. ਜਸਕਰਨ ਸਿੰਘ ਮਾਹਲ ਨਾਲ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਵੀ ਹੋਈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਮੀਟਿੰਗਾਂ ਦਾ ਵੀ ਕੋਈ ਸਿੱਟਾ ਨਾ ਨਿਕਲਿਆ ਤਾਂ ਆਉਂਦੇ ਦਿਨਾਂ ’ਚ ਅਧਿਕਾਰੀਆਂ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਤਿੱਖਾ ਕੀਤਾ ਜਾਵੇਗਾ। ਪੀਏਯੂ ਐਂਪਲਾਈਜ਼ ਯੂਨੀਅਨ, ਪੀਏਯੂ ਟੀਚਰਜ਼ ਐਸੋਸੀਏਸ਼ਨ ਅਤੇ ਪੀਏਯੂ ਫੌਰਥ ਕਲਾਸ ਵਰਕਰਜ਼ ਯੂਨੀਅਨ ਵੱਲੋਂ ਅੱਜ ਵੀ ਵੱਖ-ਵੱਖ ਵਿਭਾਗਾਂ ਅੱਗੋਂ ਦੀ ਰੋਸ ਰੈਲੀ ਕੱਢੀ ਅਤੇ ਅਖੀਰ ਥਾਪਰ ਹਾਲ ਦੇ ਮੁੱਖ ਗੇਟ ਅੱਗੇ ਰੋਸ ਧਰਨਾ ਲਾਇਆ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਲਈ ’ਵਰਸਿਟੀ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ ਜਿਨਾਂ ਵਿੱਚੋਂ ਅੱਜ ਡਾ. ਮਾਹਲ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ। ਸ੍ਰੀ ਵਾਲੀਆ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੀਟਿੰਗਾਂ ਰਾਹੀਂ ਚਰਚਾ ਤੋਂ ਬਾਅਦ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅਧਿਕਾਰੀਆਂ ਦੇ ਪੁਤਲੇ ਫੂਕੇ ਜਾਣਗੇ।