ਦਵਿੰਦਰ ਪਾਲ
ਚੰਡੀਗੜ੍ਹ, 13 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਦੇ ਕੁਝ ਕਰਮਚਾਰੀਆਂ-ਅਧਿਕਾਰੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੰਗਤ ਨੂੰ ਦੇ ਕੇ ਪ੍ਰਾਪਤ ਕੀਤੀ ਭੇਟਾ ਗਬਨ ਕਰਨ ਦਾ ਨਿਖੇਧੀ ਮਤਾ ਪਾਸ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ। ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭਾਈ ਈਸ਼ਰ ਸਿੰਘ ਵੱਲੋਂ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਦੋਸ਼ੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਿਸਾਲੀ ਸਜ਼ਾਵਾਂ ਦੇਣ ਦੀ ਅਪੀਲ ਕੀਤੀ।ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਿੰਨ ਵੱਡੀਆਂ ਸ਼ਤਾਬਦੀਆਂ ਮਨਾਉਣ ਜਾ ਰਹੀ ਹੈ।