ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਨੌਕਰੀ ਤੋਂ ਫਾਰਗ ਕੀਤੇ ਗਏ ਤਿੰਨ ਕਰਮਚਾਰੀਆਂ ਮੀਤ ਸਕੱਤਰ ਗੁਰਬਚਨ ਸਿੰਘ, ਕਲਰਕ ਬਾਜ ਸਿੰਘ ਅਤੇ ਹੈਲਪਰ ਦਲਬੀਰ ਸਿੰਘ ਨੇ ਇਸ ਫ਼ੈਸਲੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਨੌਕਰੀ ’ਤੇ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਨੇ ਡਿਊਟੀ ’ਤੇ ਬਹਾਲੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਸੌਂਪਿਆ ਹੈ।
ਗੁਰਬਚਨ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਸਮੇਤ ਬਾਜ ਸਿੰਘ ਅਤੇ ਦਲਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇੇ ਸਕੱਤਰ ਨੂੰ ਅਦਾਲਤ ਦੇ ਹੁਕਮਾਂ ਦੀ ਕਾਪੀ ਅਤੇ ਡਿਊਟੀ ’ਤੇ ਬਹਾਲੀ ਸਬੰਧੀ ਪੱਤਰ ਦਿੱਤਾ ਹੈ। ਇਸ ਪੱਤਰ ਨੂੰ ਸ਼੍ਰੋਮਣੀ ਕਮੇਟੀ ਨੇ ਪ੍ਰਾਪਤ ਕਰ ਲਿਆ ਹੈ ਪਰ ਫਿਲਹਾਲ ਉਨ੍ਹਾਂ ਨੂੰ ਡਿਊਟੀ ’ਤੇ ਬਹਾਲ ਕਰਨ ਬਾਰੇ ਸੂਚਨਾ ਨਹੀਂ ਦਿੱਤੀ ਗਈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਇਸ ਕੇਸ ਵਿਚ ਅਦਾਲਤ ਵੱਲੋਂ ਕੀਤੇ ਗਏ ਫੈਸਲੇ ਦੀ ਰੌਸ਼ਨੀ ਵਿਚ ਹੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਅੱਜ ਇਹ ਮਾਮਲਾ ਕਾਨੂੰਨੀ ਮਾਹਿਰਾਂ ਨਾਲ ਵਿਚਾਰਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਰਮਚਾਰੀਆਂ ਨੂੰ ਬਹਾਲ ਕਰਨ ਮਗਰੋਂ ਮੁੜ ਇਨ੍ਹਾਂ ਖ਼ਿਲਾਫ਼ ਅਦਾਲਤੀ ਦਿਸ਼ਾ-ਨਿਰਦੇਸ਼ਾਂ ਹੇਠ ਜਾਂਚ ਕੀਤੀ ਜਾਵੇਗੀ। ਮੀਤ ਸਕੱਤਰ ਗੁਰਬਚਨ ਸਿੰਘ ਨੇ ਦੱਸਿਆ ਕਿ ਅਦਾਲਤ ਦੇ ਆਦੇਸ਼ਾਂ ਦੀ ਇਹ ਕਾਪੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਈਮੇਲ ਰਾਹੀਂ ਅਤੇ ਦਸਤੀ ਤੌਰ ’ਤੇ ਸੌਂਪ ਦਿੱਤੀ ਹੈ।