ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਰਨਾਲਾ, 5 ਅਕਤੂਬਰ
ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਥਾਨਕ ਮੁੱਖ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਖ਼ਰੀਦੇਗੀ ਤੇ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਜਿਵੇਂ ਬਿਜਲੀ, ਪਾਣੀ, ਤਰਪਾਲਾਂ, ਬਾਰਦਾਨਾ, ਚੁਕਾਈ, ਲੇਬਰ, ਟਰਾਂਸਪੋਰਟ ਆਦਿ ਦੇ ਪ੍ਰਬੰਧ ਸੁਚੱਜੇ ਰੂਪ ਵਿਚ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ ਇਸ ਖ਼ਰੀਫ਼ ਸੀਜ਼ਨ ਦੇ ਮੱਦੇਨਜ਼ਰ ਵਿਸ਼ੇਸ਼ ਟੀਮਾਂ ਵੀ ਕਾਇਮ ਕੀਤੀਆਂ ਗਈਆਂ ਹਨ। ਇਨ੍ਹਾਂ ਵੱਲੋਂ ਸਮੇਂ ਸਮੇਂ ’ਤੇ ਮੰਡੀਆਂ ਦੀ ਚੈਕਿੰਗ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਉਨ੍ਹਾਂ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 98 ਮੰਡੀਆਂ ਤੋਂ ਇਲਾਵਾ 33 ਆਰਜ਼ੀ ਯਾਰਡ ਬਣਾਏ ਗਏ ਹਨ। ਮੌਜੂਦਾ ਸੀਜ਼ਨ ਦੌਰਾਨ 8,73,131 ਮੀਟਰਿਕ ਟਨ ਜਿਣਸ ਦੀ ਆਮਦ ਦੀ ਉਮੀਦ ਹੈ। ਉਨਾਂ ਦੱਸਿਆ ਕਿ ਚਾਰ ਅਕਤੂਬਰ ਤਕ 100 ਮੀਟਰਿਕ ਟਨ ਜਿਣਸ ਦੀ ਆਮਦ ਮੰਡੀਆਂ ਵਿੱਚ ਹੋਈ ਹੈ।