ਪੱਤਰ ਪ੍ਰੇਰਕ
ਜਲੰਧਰ, 21 ਅਕਤੂਬਰ
ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਪੰਜਾਬ ਆਰਮਡ ਪੁਲੀਸ (ਪੀਏਪੀ) ਹੈੱਡਕੁਆਰਟਰ ਵਿੱਚ 63ਵਾਂ ਸੂਬਾ ਪੱਧਰੀ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤ ਅਤੇ ਅਸ਼ਾਂਤ ਮਾਹੌਲ ਵਿੱਚ ਦੇਸ਼ ਦੀ ਤਨਦੇਹੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ’ਚ ਅਮਨ-ਸ਼ਾਂਤੀ ਬਹਾਲ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਅਗਸਤ 1992 ਦਰਮਿਆਨ 1792 ਪੁਲੀਸ ਅਧਿਕਾਰੀਆਂ ਨੇ ਅਤਿਵਾਦ ਨਾਲ ਲੜਦੇ ਹੋਏ ਜਾਨਾਂ ਕੁਰਬਾਨ ਕੀਤੀਆਂ। ਇਨ੍ਹਾਂ ਵਿੱਚ ਪੰਜਾਬ ਪੁਲੀਸ ਦੇ 1604 ਅਧਿਕਾਰੀ ਅਤੇ ਸਿਪਾਹੀ ਸ਼ਾਮਲ ਹਨ, ਜਦਕਿ ਬਾਕੀ 188 ਕੇਂਦਰੀ ਹਥਿਆਰਬੰਦ ਪੁਲੀਸ ਬਲ (ਸੀਏਪੀਐੱਫ) ਦੇ ਮੁਲਾਜ਼ਮ ਹਨ। ਕਮਾਂਡੈਂਟ 80ਵੀਂ ਬਟਾਲੀਅਨ ਵੱਲੋਂ ਇਸ ਸਾਲ ਦੇ ਸ਼ਹੀਦ ਹੋਣ ਵਾਲੇ ਪੁਲੀਸ ਬਲ ਦੇ ਸਾਰੇ 261 ਸ਼ਹੀਦਾਂ ਦੇ ਨਾਂ ਪੜ੍ਹੇ ਗਏ। ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਤੇ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਸ਼ਹੀਦੀ ਸਮਾਰਕ ’ਤੇ ਫੁੱਲਮਾਲਾਵਾਂ ਭੇਟ ਕੀਤੀਆਂ। ਡੀਜੀਪੀ ਗੌਰਵ ਯਾਦਵ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਅਸੀਂ ਆਪਣੇ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਅਜਾਈ ਨਹੀਂ ਜਾਣ ਦਿਆਂਗੇ। ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਅਤੇ ਬਹਾਦਰੀ ਨਾਲ ਸੇਵਾ ਕਰਦੀ ਰਹੇਗੀ।’’ ਡੀਜੀਪੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਮਦਰਦੀ ਨਾਲ ਉਨ੍ਹਾਂ ਦੀ ਗੱਲ ਸੁਣੀ। ਉਨ੍ਹਾਂ ਪੰਜਾਬ ਪੁਲੀਸ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।