ਸਾਹਿਤ ਪ੍ਰਤੀਨਿਧ
ਚੰਡੀਗੜ੍ਹ, 19 ਨਵੰਬਰ
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਤੇ ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਲੰਮੇ, ਇਤਿਹਾਸਕ ਅਤੇ ਵਿਆਪਕ ਜਨ ਆਧਾਰ ਵਾਲੇ ਸ਼ਾਂਤਮਈ ਅੰਦੋਲਨ ਨੇ ਦੁਨੀਆਂ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਹਿੰਦੁਸਤਾਨ ਦਾ ਆਵਾਮ ਇਹ ਸਮਝਣ ਲੱਗ ਪਿਆ ਹੈ ਕਿ ਕਿਸਾਨ ਸਿਰਫ਼ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦਿਆਂ ਦੀ ਲੜਾਈ ਹੀ ਨਹੀਂ ਲੜ ਰਹੇ ਸਨ, ਸਗੋਂ ਉਹ ਭਾਰਤ ਦੇ ਸੰਵਿਧਾਨ ਦੀ ਰਾਖੀ ਅਤੇ ਕਾਰਪੋਰੇਟ ਅਦਾਰਿਆਂ ਦੀ ਲੁੱਟ ਦੇ ਖ਼ਿਲਾਫ਼ ਲੋਕਾਂ ਵਿੱਚ ਨਵੀਂ ਚੇਤਨਾ ਪੈਦਾ ਕਰਨ ਵਿੱਚ ਵੀ ਕਾਮਯਾਬ ਹੋਏ ਹਨ। ਸੰਘਰਸ਼ਸ਼ੀਲ ਕਿਸਾਨ ਤੇ ਤਮਾਮ ਮਜ਼ਦੂਰ ਜਥੇਬੰਦੀਆਂ ਨੂੰ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਲਈ ਵਧਾਈ ਦਿੰਦਿਆਂ ਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਸ ਸ਼ਾਂਤਮਈ ਅੰਦੋਲਨ ਨੇ ਭਾਰਤ ਦੇ ਫੈੱਡਰਲ, ਸੈਕੁਲਰ ਅਤੇ ਲੋਕਤਾਂਤਰਿਕ ਢਾਂਚੇ ਅਤੇ ਸਾਂਝੀ ਸੰਸਕ੍ਰਿਤੀ ਨੂੰ ਬਹਾਲ ਰੱਖਣ ਲਈ ਇਤਿਹਾਸਕ ਯੋਗਦਾਨ ਪਾਇਆ ਹੈ। ਸਭਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਕੇ ਤੇ ਖੇਤੀ ਕਾਨੂੰਨਾਂ ਸਣੇ ਹੋਰ ਲੋਕ ਵਿਰੋਧੀ ਕਾਨੂੰਨਾਂ ਦੀ ਤੁਰੰਤ ਵਾਪਸ ਲੈ ਕੇ ਸੰਘਰਸ਼ਸ਼ੀਲ ਕਿਸਾਨ ਜਥਬੰਦੀਆਂ ਦਾ ਭਰੋਸਾ ਜਿੱਤੇ।