ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਜੁਲਾਈ
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਇੱਥੇ ਸੋਹਾਣਾ ਤੋਂ ਦਿੱਲੀ ਲਈ ਕਿਸਾਨ ਕਾਰ ਰੈਲੀ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਕਿਸਾਨ ਅੰਦੋਲਨ, ਮਾਨਵਤਾ ਦੀ ਹੋਂਦ ਦੀ ਲੜਾਈ ਹੈ, ਜੋ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਖ਼ਤਮ ਨਹੀਂ ਹੋਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਜਨ ਅੰਦੋਲਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ, ਸਗੋਂ ਧਰਮ ਯੁੱਧ ਹੈ। ਲਿਹਾਜ਼ਾ ਹਰੇਕ ਨਾਗਰਿਕ ਨੂੰ ਇਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਮੌਕੇ ਪੰਜਾਬੀ ਗਾਇਕ ਜੱਸ ਬਾਜਵਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਚੜੂਨੀ ਨੇ ਗੁਰਮੀਤ ਸਿੰਘ ਨੂੰ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਪੰਜਾਬ ਇਕਾਈ ਦਾ ਪ੍ਰਧਾਨ ਬਣਾਉਣ ਦਾ ਐਲਾਨ ਵੀ ਕੀਤਾ।
ਸ੍ਰੀ ਚੜੂਨੀ ਨੇ ਕਿਹਾ ਕਿ ਕਿਸਾਨ ਸੰਘਰਸ਼ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਖ਼ਤਮ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਸ੍ਰੀ ਚੜੂਨੀ ਨੇ ਸੋਹਾਣਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਕਿਸਾਨ ਹਿਤੈਸ਼ੀ ਪੁਆਧੀ ਹਲਕਾ ਮੁਹਾਲੀ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਮੁੱਖ ਗੇਟ ਦੇ ਬਾਹਰ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਦੇ 27ਵੇਂ ਦਿਨ ਭੁੱਖ ਹੜਤਾਲ ’ਤੇ ਬੈਠੇ ਜੀਐੱਸ ਪ੍ਰਾਪਰਟੀ ਬਾਕਰਪੁਰ ਦੇ ਮੈਂਬਰਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਆਕਸੀਜਨ ਅਤੇ ਦਵਾਈਆਂ ਦੀ ਬਲੈਕ ਹੁੰਦੀ ਹੋਵੇ ਅਤੇ ਹਸਪਤਾਲਾਂ ਵਿੱਚ ਬੈੱਡ ਲੈਣ ਲਈ ਵਾਧੂ ਪੈਸੇ ਦੇਣੇ ਪੈਂਦੇ ਹੋਣ, ਉਸ ਦੇਸ਼ ਵਿੱਚ ਜੇ ਅਨਾਜ ਦਾ ਪੂਰਾ ਕੰਟਰੋਲ ਵਪਾਰੀ ਘਰਾਣਿਆਂ ਦੇ ਹੱਥਾਂ ਵਿੱਚ ਚਲਾ ਗਿਆ ਤਾਂ ਇਸ ਦੀ ਕਾਲਾਬਾਜ਼ਾਰੀ ਹੋਰ ਵਧ ਜਾਣ ਦਾ ਖ਼ਦਸ਼ਾ ਹੈ। ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਅਮਨ ਪੂਨੀਆ, ਅਮਰਜੀਤ ਸਿੰਘ ਨਰੈਣ, ਦਵਿੰਦਰ ਸਿੰਘ, ਮਿੰਦਰ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਗੁਰਦੀਪ ਸਿੰਘ ਗੁਰੀ ਹਾਜ਼ਰ ਸਨ।
ਮੋਹੜਾ ਵਿੱਚ ਨਿੱਘਾ ਸਵਾਗਤ
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨਾਲ ਮੁਹਾਲੀ ਤੋਂ ਦਿੱਲੀ ਜਾ ਰਹੇ ਗੁਰਨਾਮ ਸਿੰਘ ਚੜੂਨੀ ਦਾ ਅੱਜ ਜੀ ਟੀ ਰੋਡ ’ਤੇ ਮੋਹੜਾ ਸਥਿਤ ਛਾਉਣੀ ਦੀ ਅਨਾਜ ਮੰਡੀ ਨੇੜੇ ਅੰਬਾਲਾ ਦੇ ਕਿਸਾਨਾਂ ਨੇ ਨਿੱਘਾ ਸਵਾਗਤ ਕੀਤਾ। ਸ੍ਰੀ ਚੜੂਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਸ ਤਰ੍ਹਾਂ 23 ਮਈ ਨੂੰ ਕਰਨਾਲ ਤੋਂ ਕਿਸਾਨ ਦੋ ਹਜ਼ਾਰ ਦੇ ਕਰੀਬ ਗੱਡੀਆਂ ਵਿੱਚ ਸਵਾਰ ਹੋ ਕੇ ਦਿੱਲੀ ਲਈ ਰਵਾਨਾ ਹੋਏ ਸਨ, ਉਸੇ ਤਰ੍ਹਾਂ ਅੰਬਾਲਾ ਤੋਂ ਵੀ ਕਿਸਾਨ ਦਿੱਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਉਤਸ਼ਾਹ ਪਹਿਲਾਂ ਨਾਲੋਂ ਵਧਿਆ ਹੈ। ਕਿਸਾਨਾਂ ਦੇ ਨਾਲ ਨਾਲ ਜਨਤਾ ਵੀ ਸਮਝ ਚੁੱਕੀ ਹੈ ਕਿ ਤਿੰਨੇ ਖੇਤੀ ਕਾਨੂੰਨ ਦੇਸ਼ ਦੇ ਹਿਤ ਵਿੱਚ ਨਹੀਂ ਹਨ। ਸ੍ਰੀ ਚੜੂਨੀ ਨੇ ਵੱਖ ਵੱਖ ਟੌਲ ਪਲਾਜ਼ਿਆਂ ’ਤੇ ਧਰਨੇ ਦੇ ਰਹੇ ਕਿਸਾਨਾਂ ਦਾ ਹੌਸਲਾ ਵੀ ਵਧਾਇਆ।