ਸੁਰਜੀਤ ਮਜਾਰੀ
ਬੰਗਾ, 21 ਮਾਰਚ
ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੀ ਦੱਸਿਆ ਹੈ। ਸਭਾ ਦੇ ਸਕੱਤਰ ਅਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੋਂ ਦੋ ਦਿਨ ਪਹਿਲਾਂ ਆਪਣੀ ਖਟਕੜ ਕਲਾਂ ਫੇਰੀ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਵਾਲੀ ਆਜ਼ਾਦੀ ਅਜੇ ਵੀ ਲੋਕਾਂ ਦੇ ਘਰਾਂ ਤਕ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦੇਸ਼ੀ ਸ਼ਕਤੀਆਂ ਨੂੰ ਇੱਥੋਂ ਬਾਹਰ ਕੱਢਣ ਲਈ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ, ਸਮੇਂ ਦੇ ਹਾਕਮਾਂ ਵੱਲੋਂ ਦੇਸ਼ ਨੂੰ ਉਨ੍ਹਾਂ ਹੀ ਸਾਮਰਾਜੀ ਤਾਕਤਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸੇ ਸਾਜ਼ਿਸ਼ ਤਹਿਤ ਦੇਸੀ ਅਤੇ ਵਿਦੇਸ਼ੀ ਪੂੰਜੀਪਤੀਆਂ ਨੂੰ ਲਾਭ ਦੇਣ ਵਾਲੇ ਲਈ ਲੋਕ ਵਿਰੋਧੀ ਕਾਨੂੰਨ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਘੋਲਾਂ ਨੂੰ ਰੋਕਣ ਲਈ ਇੱਕ ਤੋਂ ਬਾਅਦ ਇੱਕ ਕਾਨੂੰਨ ਬਣਾਉਣਾ ਅਤੇ ਦੇਸ਼ ਭਗਤੀ ਦੀ ਨਵੀਂ ਪਰਿਭਾਸ਼ਾ ਘੜਨਾ ਮੰਦਭਾਗਾ ਹੈ।
ਦਿੱਲੀ ਮੋਰਚੇ ’ਤੇ ਬੈਠੇ ਕਿਸਾਨਾਂ ਪ੍ਰਤੀ ਸਰਕਾਰ ਦੇ ਲਾਪ੍ਰਵਾਹੀ ਵਾਲੇ ਰਵੱਈਏ ਬਾਰੇ ਟਿੱਪਣੀ ਕਰਦਿਆਂ ਪ੍ਰੋ. ਜਗਮੋਹਨ ਸਿੰਘ ਨੇ ਕਿਹਾ ਕਿ ਜਿਸ ਢੰਗ ਨਾਲ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਤੋਂ ਨਾਂਹ ਕਰ ਰਹੀ ਹੈ, ਇਸ ਤੋਂ ਮੋਦੀ ਸਰਕਾਰ ਦੀ ਕਾਰਪੋਰੇਟ ਭਗਤੀ ਪੂਰੀ ਤਰ੍ਹਾਂ ਨੰਗੀ ਹੋ ਰਹੀ ਹੈ ਅਤੇ ਸਰਕਾਰ ਜਿਨ੍ਹਾਂ ਢੰਗ ਤਰੀਕਿਆਂ ਰਾਹੀਂ ਕਿਸਾਨੀ ਘੋਲ ਨਾਲ ਨਜਿੱਠ ਰਹੀ ਹੈ, ਇਸ ਨਾਲ ਮੋਦੀ ਸਰਕਾਰ ਦੇ ਚਿਹਰੇ ਉੱਤੇ ਪਾਇਆ ਜਮਹੂਰੀਅਤ ਦਾ ਨਕਾਬ ਵੀ ਸਰਕ ਰਿਹਾ ਹੈ। ਇਸ ਮੌਕੇ ਸਭਾ ਦੇ ਸੂਬਾਈ ਆਗੂ ਬੂਟਾ ਸਿੰਘ ਅਤੇ ਜਸਬੀਰ ਦੀਪ ਵੀ ਮੌਜੂਦ ਸਨ।