ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੁਲਾਈ
ਕਿਸਾਨ ਆਗੂਆਂ ਨੇ 22 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਵਿਰੋਧ ਪ੍ਰਦਰਸ਼ਨ ਲਈ ਤਿਆਰੀ ਖਿੱਚਣ ਦਾ ਸੱਦਾ ਦਿੱਤਾ ਹੈ। ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ’ਚ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੈਸ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ, ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਰੋਪੜ, ਫਾਜ਼ਿਲਕਾ ਅਤੇ ਫਰੀਦਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਦਰਜਨਾਂ ਕਾਫਲੇ ਅੱਜ ਸਿੰਘੂ ਅਤੇ ਟਿਕਰੀ ਹੱਦ ਲਈ ਰਵਾਨਾ ਹੋਏ।
ਇਸੇ ਤਰ੍ਹਾਂ ਪੰਜਾਬ ਭਰ ’ਚ ਭਾਜਪਾ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਭਾਜਪਾ ਸਮੇਤ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਵੀ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਰਾਜਪੁਰਾ ਦੀ ਘਟਨਾ ਨੇ ਕਿਸਾਨਾਂ ਦਾ ਰੋਹ ਹੋਰ ਭਖਾਇਆ ਹੈ। ਜਾਣਕਾਰੀ ਅਨੁਸਾਰ ਅੱਜ ਫਾਜ਼ਿਲਕਾ ਅਤੇ ਖਡੂਰ ਸਾਹਿਬ ਵਿੱਚ ਸਿਆਸੀ ਆਗੂਆਂ ਤੇ ਕਿਸਾਨਾਂ ਵਿਚਾਲੇ ਟਕਰਾਅ ਹੋਇਆ। ਇਸੇ ਤਰ੍ਹਾਂ ਕਿਸਾਨਾਂ ਨੇ ਅੱਜ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਭਾਜਪਾ ਆਗੂ ਹਰਜੀਤ ਗਰੇਵਾਲ ਖ਼ਿਲਾਫ਼ ਧਰਨਾ ਲਾਇਆ। ਮੁਜ਼ਾਹਰੇ ਤੋਂ ਬਾਅਦ ਰੈਲੀ ਕਰ ਕੇ ਕਿਸਾਨ ਬੁਲਾਰਿਆਂ ਨੇ ਹਰਜੀਤ ਗਰੇਵਾਲ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਜਥੇਬੰਦਕ ਏਕੇ ਨਾਲ ਮੋਦੀ ਹਕੂਮਤ ਦੀ ਹਰ ਸਾਜਿਸ਼ ਦਾ ਜਵਾਬ ਦਿੱਤਾ ਜਾਵੇਗਾ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਅਤੇ ਐੱਮਐੱਸਪੀ ਦੀ ਗਾਰੰਟੀ ਵਾਲਾ ਨਵਾਂ ਕਾਨੂੰਨ ਬਣਵਾ ਕੇ ਹੀ ਮੁੜਨਗੇ। ਕਿਸਾਨ ਬੁਲਾਰਿਆਂ ਨੇ ਦਿੱਲੀ ਹੱਦ ’ਤੇ ਸ਼ਹੀਦ ਹੋ ਰਹੇ ਕਿਸਾਨਾਂ-ਮਜਦੂਰ ਦੀ ਸ਼ਹਾਦਤ ਲਈ ਜ਼ਿੰਮੇਵਾਰ ਮੋਦੀ ਸਰਕਾਰ ਵਿਰੁੱਧ ਕਤਲ ਦੇ ਕੇਸ ਦਰਜ ਕਰਨ ਦੀ ਮੰਗ ਕੀਤੀ।
ਸੰਸਦ ਭਵਨ ਬਾਹਰ ਕਿਸਾਨ ਚਲਾਉਣਗੇ ਆਪਣੀ ਸੰਸਦ
ਲੁਧਿਆਣਾ (ਗਗਨ ਅਰੋੜਾ): ਖੇਤੀ ਕਾਨੂੰਨਾਂ ਵਿਰੁੱਧ ਲੰਮੇ ਸਮੇਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਕਿਸਾਨ ਹੁਣ ਲੋਕ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਆਪਣੀ ਸੰਸਦ ਵੀ ਚਲਾਉਣਗੇ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਸਿੰਘੂ ਬਾਰਡਰ ਤੋਂ ਰੋਜ਼ਾਨਾ 200 ਕਿਸਾਨਾਂ ਦਾ ਜਥਾ ਸੰਸਦ ਭਵਨ ਦੇ ਬਾਹਰ ਜਾਏਗਾ ਤੇ ਉਥੇ ਆਪਣਾ ਸੈਸ਼ਨ ਚਲਾਏਗਾ। ਹਰ ਜਥੇਬੰਦੀ ਰੋਜ਼ਾਨਾ ਪੰਜ ਮੈਂਬਰ ਭੇਜੇਗੀ। ਇਹ ਵਿਰੋਧ ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇਗਾ। ਜੇ ਕਿਸਾਨਾਂ ਦੀ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਅਗਲੇ ਦਿਨ ਅਗਲੀ ਟੀਮ ਪਾਰਲੀਮੈਂਟ ਚਲਾਏਗੀ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਕਿਸਾਨਾਂ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ।