ਸਮਾਣਾ-ਭਵਾਨੀਗੜ੍ਹ ਸੜਕ ’ਤੇ ਪਿੰਡ ਬਮਨਾ ਨੇੜੇ ਸਰਕਾਰੀ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ। ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਮ੍ਰਿਤਕ ਦੀ ਪਛਾਣ ਬਿੰਦਰ ਸਿੰਘ (50) ਵਾਸੀ ਪਿੰਡ ਹਸਨਪੁਰ, ਧੂਰੀ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਭਵਾਨੀਗੜ੍ਹ ਤੋਂ ਆ ਰਹੀ ਪੀ.ਆਰ.ਟੀ.ਸੀ. ਦੀ ਬੱਸ ਪਿੰਡ ਬਮਨਾ ਨੇੜੇ ਤੂੜੀ ਨਾਲ ਭਰੀ ਟਰਾਲੀ ਨਾਲ ਟਕਰਾਅ ਕੇ ਪਿੱਛੇ ਹਟਦੇ ਸਮੇਂ ਸੜਕ ’ਤੇ ਪੈਦਲ ਜਾ ਰਹੇ ਵਿਅਕਤੀ ਉੱਤੇ ਚੜ੍ਹ ਗਈ। ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਅਧਿਕਾਰੀ ਅਨੁਸਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।