ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਪਰੈਲ
ਖੇਤੀ ਵਿਕਾਸ ਬੈਂਕਾਂ ਦੇ ਮੁਲਾਜ਼ਮਾਂ ਦੀ ਤਿੰਨ ਦਿਨਾਂ ਕਲਮ ਛੋੜ ਹੜਤਾਲ ਕਾਰਨ ਕਰਜ਼ਾ ਵਸੂਲੀ ਦਾ ਕੰਮ ਪ੍ਰਭਾਵਿਤ ਹੋਣ ਲੱਗਿਆ ਹੈ। ਪੰਜਾਬ ਦੇ 89 ਖੇਤੀ ਵਿਕਾਸ ਬੈਂਕਾਂ ਦੇ 750 ਮੁਲਾਜ਼ਮ ਬੀਤੇ ਦਿਨ ਤੋਂ ਹੜਤਾਲ ’ਤੇ ਚਲੇ ਗਏ ਸਨ। ਅੱਜ ਇਨ੍ਹਾਂ ਮੁਲਾਜ਼ਮਾਂ ਨੇ ਬੈਂਕਾਂ ਅੱਗੇ ਧਰਨੇ ਮਾਰ ਕੇ ਆਪਣਾ ਰੋਸ ਜ਼ਾਹਿਰ ਕੀਤਾ। ਅੱਜ ਇੱਥੇ ਹੈੱਡਕੁਆਟਰ ’ਤੇ ਵੀ ਮੁਲਾਜ਼ਮ ਆਗੂ ਹਰਦੇਵ ਸਿੰਘ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਹਰਦੇਵ ਸਿੰਘ ਅਤੇ ਜਨਰਲ ਸਕੱਤਰ ਧਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਖੇਤੀ ਵਿਕਾਸ ਬੈਂਕਾਂ ਅੱਗੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦੀ ਹੜਤਾਲ ਕਾਰਨ 16 ਅਪਰੈਲ ਤੋਂ ਸ਼ੁਰੂ ਕੀਤੀ ਗਈ ਖੇਤੀ ਵਿਕਾਸ ਬੈਂਕਾਂ ਦੀ ਵਸੂਲੀ ਮੁਹਿੰਮ ਨੂੰ ਵੀ ਸੱਟ ਵੱਜੀ ਹੈ। ਭਲਕੇ ਸ਼ੁੱਕਰਵਾਰ ਨੂੰ ਵੀ ਇਹ ਮੁਲਾਜ਼ਮ ਕਲਮ ਛੋੜ ਹੜਤਾਲ ’ਤੇ ਰਹਿਣਗੇ।
ਯੂਨੀਅਨ ਆਗੂਆਂ ਨੇ ਮੰਗ ਕੀਤੀ ਹੈ ਕਿ ਬੈਂਕਾਂ ਦੇ ਸਮੂਹ ਮੁਲਾਜ਼ਮਾਂ ਨੂੰ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਕੇ ਜਲਦੀ ਦਿੱਤਾ ਜਾਵੇ ਅਤੇ ਮੁਲਾਜ਼ਮਾਂ ਦੇ ਪੀਐੱਫ ਨੂੰ ਪੀਐੱਫ ਕਮਿਸ਼ਨਰ ਦਫ਼ਤਰ ਭੇਜਿਆ ਜਾਵੇ। ਮੁਲਾਜ਼ਮਾਂ ਨੂੰ ਤਰੱਕੀਆਂ ਦੇ ਕੇ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇ ਅਤੇ ਸਮੂਹ ਮੁਲਾਜ਼ਮਾਂ ਨੂੰ 6 ਫ਼ੀਸਦੀ ਡੀਏ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਹਰ ਖੇਤੀ ਵਿਕਾਸ ਬੈਂਕ ਨੂੰ ਪਾਲਿਸੀ ਅਨੁਸਾਰ ਅਡਵਾਂਸਮੈਂਟ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਸੁਣਵਾਈ ਨਾ ਕੀਤੀ ਤਾਂ ਅਗਲਾ ਐਕਸ਼ਨ ਉਲੀਕਿਆ ਜਾਵੇਗਾ।