ਪੈਨਸ਼ਨਰ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਪੈਨਸ਼ਨਰ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਅਗਸਤ                                          

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁਲਾਜ਼ਮਾਂ ’ਤੇ ਜਬਰੀ ਥੋਪੇ ਜਾ ਰਹੇ ਕੇਂਦਰੀ ਤਨਖ਼ਾਹ ਸਕੇਲ ਨੂੰ ਲੈ ਕੇ ਮੁਲਾਜ਼ਮ ਵਰਗ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ। ਸਰਕਾਰ ਦੇ ਰਵੱਈਆ ਤੋਂ ਅੱਕੇ ਮੁਲਾਜ਼ਮ ਸੜਕਾਂ ’ਤੇ ਉਤਰ ਆਏ ਹਨ। ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਯੁਕਤ ਫਰੰਟ ਅਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਸਮੇਤ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੇ ਅੱਜ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰੀ ਤਨਖ਼ਾਹ ਕਮਿਸ਼ਨਰ ਲਾਗੂ ਕਰਨ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਅਤੇ ਸੂਬਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ। ਮੁਲਾਜ਼ਮਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਪੁਤਲਾ ਸਾੜਿਆ। ਇਸ ਮੌਕੇ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਸੱਜਣ ਸਿੰਘ, ਪੈਨਸ਼ਨਰਜ਼ ਜਥੇਬੰਦੀ ਦੇ ਪ੍ਰਧਾਨ ਕਰਮ ਸਿੰਘ ਧਨੋਆ, ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਿਆਲ, ਪੰਚਾਇਤ ਵਿਭਾਗ ਕਰਮਚਾਰੀ ਆਗੂ ਜਗਜੀਤ ਸਿੰਘ, ਅਮਿਤ ਕਟੋਚ, ਜਗਦੀਸ਼ ਸਿੰਘ ਸਰਾਓ, ਹਰਵਿੰਦਰ ਸਿੰਘ ਸੈਣੀ, ਹਜ਼ਾਰਾ ਸਿੰਘ, ਸਿੱਖਿਆ ਬੋਰਡ ਕਰਮਚਾਰੀ ਆਗੂ ਪਰਵਿੰਦਰ ਸਿੰਘ ਖੰਗੂੜਾ, ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਵਇੰਦਰ ਸਿੰਘ, ਹਰਦੀਪ ਸਿੰਘ, ਤਜਿੰਦਰ ਸਿੰਘ, ਕੁਲਦੀਪ ਸਿੰਘ, ਜਸਪ੍ਰੀਤ ਕੌਰ ਤੇ ਹੋਰ ਆਗੂਆਂ ਨੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।

ਕਰਮ ਸਿੰਘ ਧਨੋਆ ਨੇ ਕਿਹਾ ਕਿ ਹੁਕਮਰਾਨਾਂ ਨੇ ਭਰੋਸਾ ਦਿੱਤਾ ਸੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਦੇ ਹੀ ਇਕ ਸਾਲ ਦੇ ਅੰਦਰ ਅੰਦਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪ੍ਰੰਤੂ ਸਾਢੇ ਤਿੰਨ ਸਾਢੇ ਬੀਤ ਜਾਣ ’ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਮੀਟਿੰਗ ਹੋਈ, ਜਿਸ ਵਿੱਚ ਪ੍ਰਮੁੱਖ ਆਗੂ ਸੱਜਣ ਸਿੰਘ, ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ, ਸੀਨੀਅਰ ਪ੍ਰਧਾਨ ਮੋਹਨ ਸਿੰਘ, ਜਨਰਲ ਸਕੱਤਰ ਪਵਨ ਗੋਡਿਆਲ, ਰਾਜਨ ਤੋਰੀਆ, ਸੋਭਾ ਰਾਮ ਅਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ’ਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਕ 10 ਤੋਂ 14 ਅਗਸਤ ਤੱਕ ਕਾਲੇ ਝੰਡੇ ਲੈ ਕੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਆਉਣ ਵਾਲੇ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਜਾਵੇਗਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All