ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 6 ਅਕਤੂਬਰ
ਉਪ ਮੁੱਖ ਮੰਤਰੀ ਓਪੀ ਸੋਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪਹਿਲੀ ਜੁਲਾਈ 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਪੈਨਸ਼ਨ ਸੂਬੇ ਦੇ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਲੀਵ ਐਨਕੈਸ਼ਮੈਂਟ ਅਤੇ ਗ੍ਰੈਚੁਟੀ ਸਮੇਤ ਸੇਵਾਮੁਕਤੀ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਨਾਲ ਕਿਸ਼ਤਾਂ ਵਿੱਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਜਗ੍ਹਾ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਪਹਿਲੀ ਜਨਵਰੀ 2016 ਤੋਂ 30 ਜੂਨ 2021 ਵਿਚਾਲੇ ਸੇਵਾਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇੱਕ ਵਾਰ ਹੀ ਕਰ ਦਿੱਤੀ ਜਾਵੇਗੀ। ਇਸ ਫ਼ੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ’ਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ।