ਪਰਵਾਸੀਆਂ ਵੱਲੋਂ ਪੰਜਾਬੀਆਂ ਖ਼ਿਲਾਫ਼ ਅਪਸ਼ਬਦ ਬੋਲਣ ’ਤੇ ਲੋਕ ਭੜਕੇ
ਪਿੰਡ ਪ੍ਰੇਮ ਨਗਰ (ਆਸਰੋਂ) ਦੇ ਕੁਝ ਪਰਵਾਸੀ ਨੌਜਵਾਨਾਂ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਪ੍ਰਤੀ ਕਥਿਤ ਤੌਰ ’ਤੇ ਅਪਸ਼ਬਦ ਬੋਲਣ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਬਲਾਚੌਰ-ਰੂਪਨਗਰ ਕੌਮੀ ਮਾਰਗ ਜਾਮ ਕਰ ਦਿੱਤਾ। ਜਾਮ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਿੰਡ ਪ੍ਰੇਮ ਨਗਰ ਆਸਰੋਂ ਦੇ ਕੁਝ ਪਰਵਾਸੀ ਨੌਜਵਾਨਾਂ ਨੇ ਪੰਜਾਬੀਆਂ ਅਤੇ ਸਿੱਖਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਤੇ ਇਸ ਸਬੰਧੀ ਵੀਡੀਓ ਵਾਇਰਲ ਹੋ ਗਈ। ਵੀਡੀਓ ਵਾਇਰਲ ਹੋਣ ਮਗਰੋਂ ਪਿੰਡ ਰੈਲਮਾਜਰਾ ਦੇ ਸਰਪੰਚ ਸਿਕੰਦਰ ਸਿੰਘ ਲਾਂਦੀ ਵੱਲੋਂ ਪਿੰਡ ਵਾਸੀਆਂ ਨੂੰ ਲੈ ਕੇ ਪਰਵਾਸੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਆਸਰੋਂ ਚੌਕੀ ਦੇ ਇੰਚਾਰਜ ਸਿਕੰਦਰ ਪਾਲ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਪੁਲੀਸ ਪ੍ਰਸ਼ਾਸਨ ਵੱਲੋਂ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਮੁਲਜ਼ਮਾਂ ’ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਪੁਲੀਸ ਨੇ ਇਸ ਸਬੰਧੀ ਕੋਈ ਕਾਰਵਾਈ ਨਾ ਕੀਤੀ। ਕਾਰਵਾਈ ਨਾ ਹੋਣ ਤੋਂ ਰੋਹ ਵਿੱਚ ਆਈਆਂ ਸਿੱਖ ਜਥੇਬੰਦੀਆਂ ਅਤੇ ਇਲਾਕਾ ਵਾਸੀਆਂ ਨੇ ਆਸਰੋਂ ਕੋਲ ਧਰਨਾ ਲਗਾ ਦਿੱਤਾ ਅਤੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਸੜਕ ਜਾਮ ਹੋਣ ਮਗਰੋਂ ਸ਼ਹੀਦ ਭਗਤ ਸਿੰਘ ਨਗਰ ਪੁਲੀਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਐੱਸ.ਪੀ. (ਜਾਂਚ) ਸਰਬਜੀਤ ਸਿੰਘ ਬਾਹੀਆ, ਐੱਸ.ਪੀ. (ਹੈੱਡਕੁਆਰਟਰ) ਇਕਬਾਲ ਸਿੰਘ ਮੌਕੇ ’ਤੇ ਭਾਰੀ ਪੁਲੀਸ ਫੋਰਸ ਲੈ ਕੇ ਪੁਹੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਧਰਨਾਕਾਰੀ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ’ਤੇ ਅੜੇ ਰਹੇ। ਆਖਰ ਪੁਲੀਸ ਨੇ ਸਬੰਧਤ 7 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲੀਸ ਪ੍ਰਸ਼ਾਸਨ ਵੱਲੋਂ ਕੀਤੀ ਕਾਰਵਾਈ ਅਤੇ ਭਰੋਸੇ ਮਗਰੋਂ ਲੋਕਾਂ ਨੇ ਧਰਨਾ ਚੁੱਕ ਦਿੱਤਾ।