ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 11 ਫਰਵਰੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਕਿਸਾਨ ਵਿਰੋਧੀ ਤਾਕਤਾਂ ਦੀ ਜ਼ਮਾਨਤ ਜ਼ਬਤ ਕਰਵਾ ਕੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਘੋਲ ਦੀਆਂ ਸ਼ਹਾਦਤਾਂ ਅਜਾਈਂ ਨਹੀਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਵਿਚ ‘ਆਪ’, ਭਾਜਪਾ ਤੇ ਉਸ ਦੇ ਭਾਈਵਾਲਾਂ ਅਤੇ ਅਕਾਲੀ ਦਲ ਨੂੰ ਪਾਈ ਵੋਟ ਸਿੱਧੇ ਤੌਰ ’ਤੇ ਭਾਜਪਾ ਨੂੰ ਹੀ ਜਾਵੇਗੀ। ਸ੍ਰੀ ਜਾਖੜ ਅੱਜ ਇਥੇ ਪਾਰਟੀ ਦੇ ਬੁਲਾਰੇ ਪਵਨ ਖੇੜਾ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਜਾਖੜ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਲੋਕ ਸੂਝ-ਬੂਝ ਤੇ ਸਿਆਣਪ ਨਾਲ ਵੋਟ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਨਾਲ ਨਜ਼ਦੀਕੀਆਂ ਕਰਕੇ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ। ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੇ ਹੁਣ ਭਾਜਪਾ ਅਤੇ ਸੰਯੁਕਤ ਅਕਾਲੀ ਦਲ ਨਾਲ ਗੱਠਜੋੜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਭਾਜਪਾ ਦੇ ਹੀ ਰੂਪ ਹਨ ਅਤੇ ਅਮਰਿੰਦਰ ਸਿੰਘ ਦੀ ਪਾਰਟੀ ਦੇ ਕਈ ਉਮੀਦਵਾਰ ਤਾਂ ਭਾਜਪਾ ਦੇ ਚੋਣ ਨਿਸ਼ਾਨ ’ਤੇ ਹੀ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ‘ਆਪ’ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਸਮੇਂ ਆਪਣੀਆਂ ਬੱਸਾਂ ਦਿੱਲੀ ਪੁਲੀਸ ਨੂੰ ਦਿੱਤੀਆਂ ਸਨ। ਇਸੇ ਤਰ੍ਹਾਂ ਦਿੱਲੀ ਸਰਕਾਰ ਦੇ ਵਕੀਲਾਂ ਵੱਲੋਂ ਕਿਸਾਨਾਂ ਖਿਲਾਫ਼ ਦਰਜ ਕੇਸਾਂ ਦੀ ਚਾਰਜਸ਼ੀਟ ਵੀ ਪੇਸ਼ ਕੀਤੀ ਗਈ ਸੀ।
ਹਿਜਾਬ ਵਿਵਾਦ ਦੇ ਨਾਂ ’ਤੇ ਖ਼ਾਸ ਫਿਰਕੇ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ
ਜਾਖੜ ਨੇ ‘ਹਿਜਾਬ ਵਿਵਾਦ’ ਦੀ ਗੱਲ ਕਰਦਿਆਂ ਕਿਹਾ, ‘‘ਕਰਨਾਟਕ ਸਰਕਾਰ ਇੱਕ ਖਾਸ ਫ਼ਿਰਕੇ ਨੂੰ ਧਾਰਮਿਕ ਪਹਿਰਾਵਾ ਪਾਉਣ ਤੋਂ ਰੋਕ ਰਹੀ ਹੈ ਅਤੇ ਜੇਕਰ ਅਜਿਹੀ ਸੋਚ ਵਾਲੇ ਲੋਕ ਪੰਜਾਬ ਆ ਗਏ ਤਾਂ ਸਾਡੀ ਪੱਗ ’ਤੇ ਹੱਥ ਰੱਖਣਗੇ।’’ ਚੇਤੇ ਰਹੇ ਕਿ ਕਰਨਾਟਕ ਵਿੱਚ ਹਿਜਾਬ ਬਨਾਮ ਭਗਵਾ ਸ਼ਾਲ ਵਿਵਾਦ ਕਰਕੇ ਤਣਾਅ ਇਸ ਕਦਰ ਵਧ ਗਿਆ ਸੀ ਕਿ ਕੁਝ ਥਾਈਂ ਹੋਈਆਂ ਹਿੰਸਕ ਘਟਨਾਵਾਂ ਕਰਕੇ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨਾ ਪਿਆ ਸੀ। ਮੌਜੂਦਾ ਸਮੇਂ ਇਹ ਮਾਮਲਾ ਹਾਈ ਕੋਰਟ ਦੇ ਵਿਚਾਰਧੀਨ ਹੈ।