ਆਤਿਸ਼ ਗੁਪਤਾ
ਚੰਡੀਗੜ੍ਹ, 3 ਸਤੰਬਰ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵੱਲੋਂ ‘ਇੱਕ ਦੇਸ਼, ਇੱਕ ਚੋਣ’ ਸਬੰਧੀ ਕੀਤੀ ਜਾ ਰਹੀ ਚਾਰਾਜੋਈ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਕੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਨੂੰ ‘ਇੱਕ ਦੇਸ਼, ਇੱਕ ਚੋਣ’ ਦੀ ਨਹੀਂ ਸਗੋਂ ‘ਇੱਕ ਦੇਸ਼, ਇੱਕ ਸਿੱਖਿਆ’ ਤੇ ‘ਇੱਕ ਦੇਸ਼, ਇੱਕ ਇਲਾਜ’ ਦੀ ਜ਼ਰੂਰਤ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਜਰੀਵਾਲ ਨੇ ਹਰਿਆਣਾ ਦੇ ਭਿਵਾਨੀ ਵਿੱਚ ਆਨਾਜ ਮੰਡੀ ’ਚ ਪਾਰਟੀ ਦੇ ਨਵੇਂ ਅਹੁਦੇਦਾਰਾਂ ਦੇ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਇੱਕ ਦੇਸ਼, ਇੱਕ ਸਿੱਖਿਆ’ ਨਾਲ ਅਮੀਰਾਂ ਤੇ ਗਰੀਬਾਂ ਦੇ ਬੱਚਿਆਂ ਨੂੰ ਬਰਾਬਰ ਸਿੱਖਿਆ ਦਿੱਤੀ ਜਾ ਸਕੇਗੀ। ਇਸੇ ਤਰ੍ਹਾਂ ‘ਇੱਕ ਦੇਸ਼, ਇੱਕ ਇਲਾਜ’ ਨਾਲ ਹਰ ਕਿਸੇ ਦਾ ਇਲਾਜ ਯਕੀਨੀ ਬਣਾਇਆ ਜਾ ਸਕੇਗਾ।
‘ਆਪ’ ਦੇ ਕੌਮੀ ਕਨਵੀਨਰ ਨੇ ਐਲਾਨ ਕੀਤਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਦਿੱਲੀ ਅਤੇ ਪੰਜਾਬ ਦੀ ਤਰਜ਼ ’ਤੇ ਲੋਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬੱਚਿਆਂ ਨੂੰ ਵਧੀਆ ਸਿਹਤ ਤੇ ਸਿੱਖਿਆ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਤੇ ਸਿੱਖਿਆ ਸਹੂਲਤਾਂ ਦੇ ਕੇ ‘ਆਪ’ ਆਪਣਾ ਘਰ ਨਹੀਂ ਭਰ ਰਹੀ ਸਗੋਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਬਦਲਾਅ ਲਈ ‘ਆਪ’ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦਾ ਚੋਣ ਨਿਸ਼ਾਨ ਝਾੜੂ ਹੈ ਅਤੇ ਇਹੀ ਝਾੜੂ ਦਿੱਲੀ ਤੇ ਪੰਜਾਬ ਤੋਂ ਬਾਅਦ ਦੇਸ਼ ’ਚੋਂ ਭਾਜਪਾ ਦਾ ਸਫਾਇਆ ਕਰੇਗਾ। ਮਾਨ ਨੇ ਕਿਹਾ ਕਿ ਹਰਿਆਣਾ ਤੇ ਪੰਜਾਬ ਇੱਕੋ ਭਾਂਡੇ ਵਿੱਚ ਪਾਣੀ ਪੀਂਦੇ ਹਨ। ਕੁਝ ਲੋਕਾਂ ਨੇ ਦੋਵਾਂ ਸੂਬਿਆਂ ਵਿੱਚ ਲਕੀਰ ਖਿੱਚ ਦਿੱਤੀ ਸੀ ਪਰ ਅੱਜ ਉਹ ਲਕੀਰ ਮਿੱਟ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਹਰਿਆਣਾ ਦੇ ਲੋਕਾਂ ਅੱਗੇ ਆਪਣੇ ਸਵਾ ਸਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 35 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਆਮ ਆਦਮੀ ਕਲੀਨਿਕਾਂ ਰਾਹੀ ਲੋਕਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸੂਬੇ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਕੇਜਰੀਵਾਲ ਨੇ ਖੱਟਰ ਦੀ ਟਿੱਪਣੀ ਦਾ ਦਿੱਤਾ ਮੋੜਵਾਂ ਜਵਾਬ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ’ਤੇ ਹਮਲਾ ਕਰਦਿਆਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਮੁਫ਼ਤ ਸਹੂਲਤਾਂ ਤੋਂ ਖੁਸ਼ ਹਨ ਅਤੇ ਛੇਤੀ ਹੀ ਹਰਿਆਣਾ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਿਹਾ ਸੀ ਕਿ ਬਹੁਤ ਸਾਰੀਆਂ ਪਾਰਟੀਆਂ ਮੁਫ਼ਤ ਸਹੂਲਤਾਂ ਦੇਣ ਦੀ ਗੱਲ ਕਰਦੀਆਂ ਹਨ ਪਰ ਉਨ੍ਹਾਂ (ਭਾਜਪਾ) ਦੀ ਸਰਕਾਰ ਲੋਕਾਂ ਦੇ ਵਿਕਾਸ ਲਈ ਉਨ੍ਹਾਂ ਦੇ ਹੁਨਰ ਦਾ ਸਨਮਾਨ ਕਰ ਰਹੀ ਹੈ। ਖੱਟਰ ਨੇ ‘ਐਕਸ’ ’ਤੇ ਪੋਸਟ ਕੀਤਾ ਸੀ, ‘‘ਕਈ ਪਾਰਟੀਆਂ ਅਕਸਰ ਨਾਅਰੇ ਲਾਉਂਦੀਆਂ ਹਨ ਜਿਵੇਂ ‘ਮੁਫ਼ਤ ਵਿੱਚ ਦਿਓ, ਇਹ ਮੁਫ਼ਤ ਵਿੱਚ ਲਓ’। ਮੁਫਤ ਦੇਣ ਦੀ ਆਦਤ ਵਿਕਸਤ ਕਰਨ ਦੀ ਥਾਂ ਸਾਡੀ ਸਰਕਾਰ ਦੀ ਤਰਜੀਹ ਕੰਮ ਕਰਨ ਵਾਲੇ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਉਨ੍ਹਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਹੁਨਰ ਦਾ ਪਾਲਣ ਕਰਨਾ ਹੈ। ਕੇਜਰੀਵਾਲ ਨੇ ਖੱਟਰ ਦੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਛੇਤੀ ਹੀ ‘ਆਪ’ ਹਰਿਆਣਾ ਦੇ ਲੋਕਾਂ ਨੂੰ ਲਾਭ ਪਹੁੰਚਾਉਣਾ ਸ਼ੁਰੂ ਕਰ ਦੇਵੇਗੀ।