ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 30 ਮਈ
‘ਸੂਬੇ ਅੰਦਰ ਕਰੋਨਾ ਮਹਾਮਾਰੀ ਕਾਰਨ ਹੋਈਆਂ ਮੌਤਾਂ ਦੇ ਜੋ ਅੰਕੜੇ ਦਰਸਾਏ ਜਾਂਦੇ ਹਨ, ਉਨ੍ਹਾਂ ਨਾਲੋਂ ਕਿਤੇ ਵੱਧ ਮੌਤਾਂ ਸੂਬੇ ਅੰਦਰ ਹੋਈਆਂ ਹਨ ਅਤੇ ਸਰਕਾਰ ਕਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਵਿੱਚ ਫੇਲ੍ਹ ਸਾਬਤ ਹੋਈ ਹੈ।’ ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸ੍ਰੀ ਇੱਥੇੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਆਪਣੇ ਇੱਕ ਨਜ਼ਦੀਕੀ ਰਿਸ਼ਤੇਦਾਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਬੰਧ ਫੇਲ੍ਹ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਿਸ ਹਿਸਾਬ ਨਾਲ ਲੋਕ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਫੁੱਲ ਲੈ ਕੇ ਆ ਰਹੇ ਹਨ, ਉਸ ਤੋਂ ਇਹ ਸਾਫ਼ ਸਿੱਧ ਹੁੰਦਾ ਹੈ ਕਿ ਸੂਬੇ ਅੰਦਰ ਕਰੋਨਾ ਮਹਾਮਾਰੀ ਨਾਲ ਕਿਸ ਕਦਰ ਲੋਕਾਂ ਦੀ ਮੌਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਸੂਬਾ ਸਰਕਾਰ ਵੈਕਸੀਨ ਦਾ ਪ੍ਰਬੰਧ ਕਰ ਸਕੀ ਅਤੇ ਨਾ ਹੀ ਸਹੀ ਤਰੀਕੇ ਨਾਲ ਸਿਹਤ ਸਹੂਲਤਾਂ ਦੇਣ ਲਈ ਆਕਸੀਜਨ ਦਾ ਪ੍ਰਬੰਧ ਕਰ ਸਕੀ ਜਿਸ ਦਾ ਖਾਮਿਆਜ਼ਾ ਅੱਜ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਚੰਗੇ ਲੋਕਾਂ ਨੂੰ ਇਕੱਠੇ ਹੋ ਕੇ ਚੋਣ ਲੜਨੀ ਚਾਹੀਦੀ ਹੈ ਕਿਉਂਕਿ ਪੰਜਾਬ ਦੇ ਲੋਕ ਅੱਜ ਬਦਲਾਓ ਭਾਲਦੇ ਹਨ।