ਪਟਿਆਲਾ (ਖੇਤਰੀ ਪ੍ਰਤੀਨਿਧ): ਨਗਰ ਕੌਂਸਲਾਂ ਤੇ ਨਗਰ ਨਿਗਮਾਂ ਦੀਆਂ ਚੋਣਾਂ ’ਚ ਕਾਂਗਰਸ ਦੇ ਜੇਤੂ ਰਹੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਾਂਗਰਸੀ ਆਗੂਆਂ ਨੇ ਇਸ ਨੂੰ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ’ਚ ਫ਼ਤਵਾ ਕਰਾਰ ਦਿੱਤਾ ਹੈ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਸੂਬੇ ਦੇ ਲੋਕ ਵਿਰੋਧੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਨਕਾਰ ਚੁੱਕੇ ਹਨ। ਰਾਜਪੁਰਾ ਦੇ ਵਿਧਾਇਕ ਹਰਦਿਆਲ ਕੰੰਬੋਜ, ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਸਮਾਣਾ ਦੇ ਵਿਧਾਇਕ ਕਾਕਾ ਰਾਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜਿਥੇ ਪਿੰਡਾਂ ਵਿੱਚ ਪੰਚਾਇਤਾਂ ਰਾਹੀਂ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਹੀ ਸ਼ਹਿਰਾਂ ਦੇ ਵਿਕਾਸ ਅਤੇ ਸੁਧਾਰ ਕਾਰਜਾਂ ’ਤੇ ਵੀ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।