ਲੋਕ ਵਹਿਮਾਂ-ਭਰਮਾਂ ਤੋਂ ਦੂਰ ਰਹਿਣ: ਗੜਗੱਜ
ਅੱਠਵੇਂ ਪਾਤਸ਼ਾਹ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਅੱਜ ਸਵੇਰੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ ਅਤੇ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ’ਤੇ ਭਰੋਸਾ ਕਰਨ ਅਤੇ ਵਹਿਮਾਂ-ਭਰਮਾਂ ਵਿੱਚ ਨਾ ਪੈਣ ਦੀ ਅਪੀਲ ਕੀਤੀ। ਇਸ ਮੌਕੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ, ਜਥੇਦਾਰ ਦਰਬਾਰਾ ਸਿੰਘ ਬਾਲਾ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਪ੍ਰੇਮ ਸਿੰਘ ਭੱਲੜੀ ਸਮੇਤ ਵੱਡੀ ਗਿਣਤੀ ਚ ਸੰਗਤਾਂ ਮੌਜੂਦ ਸਨ।