ਸਰਹੱਦ ਪਾਰੋਂ ਹਮਲਿਆਂ ਕਾਰਨ ਲੋਕ ਹਿਜਰਤ ਕਰਨ ਲੱਗੇ
ਸੰਜੀਵ ਹਾਂਡਾ
ਫ਼ਿਰੋਜ਼ਪੁਰ, 9 ਮਈ
ਭਾਰਤ-ਪਾਕਿਸਤਾਨ ਸਰਹੱਦ ’ਤੇ ਵਧ ਰਹੇ ਤਣਾਅ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਡੂੰਘੇ ਸੰਕਟ ਵਿੱਚ ਧੱਕ ਦਿੱਤਾ ਹੈ। ਪਿਛਲੀ ਰਾਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਰਹੱਦ ਪਾਰੋਂ ਹੋਏ ਹਮਲਿਆਂ ਨੇ ਇਨ੍ਹਾਂ ਖੇਤਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਤਕਰੀਬਨ ਇੱਕ ਦਰਜਨ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਸੁਰੱਖਿਅਤ ਟਿਕਾਣਿਆਂ ਵੱਲ ਹਿਜਰਤ ਕਰ ਚੁੱਕੇ ਹਨ। ਇਨ੍ਹਾਂ ਪਿੰਡਾਂ ਵਿੱਚ ਹੁਣ ਜ਼ਿਆਦਾਤਰ ਬਜ਼ੁਰਗ ਹੀ ਰਹਿ ਗਏ ਹਨ, ਜਿਨ੍ਹਾਂ ਨੂੰ ਆਪਣੇ ਘਰਾਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਿੰਡ ਵਾਸੀ ਆਪਣਾ ਕੀਮਤੀ ਸਾਮਾਨ ਅਤੇ ਖੇਤੀਬਾੜੀ ਦੇ ਔਜ਼ਾਰ ਵੀ ਨਾਲ ਲੈ ਗਏ ਹਨ। ਇਸ ਸੰਕਟ ਦੀ ਘੜੀ ਵਿੱਚ ਪ੍ਰਸ਼ਾਸਨ ਦੀ ਕਾਰਵਾਈ ’ਤੇ ਵੱਡੇ ਸਵਾਲ ਉੱਠ ਰਹੇ ਹਨ, ਕਿਉਂਕਿ ਹਿਜਰਤ ਕਰਨ ਵਾਲੇ ਲੋਕਾਂ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ, ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੀ ਵਧ ਗਈਆਂ ਹਨ। ਮਜਬੂਰ ਹੋਏ ਕਈ ਲੋਕਾਂ ਨੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਵਿੱਚ ਸ਼ਰਨ ਲਈ ਹੈ, ਜੋ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਲਈ ਇੱਕ ਸਹਾਰੇ ਦਾ ਕੰਮ ਕਰ ਰਿਹਾ ਹੈ। ਹਾਲਾਂਕਿ, ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਐੱਸਡੀਐੱਮ ਗੁਰਮੀਤ ਸਿੰਘ ਨੇ ਅੱਜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਸੰਕਟ ਵਿੱਚ ਵਰਤਣ ਲਈ ਦੋ ਕਿਸ਼ਤੀਆਂ ਦਿੱਤੀਆਂ ਹਨ। ਦਰਿਆ ਕੰਢੇ ਵਸੇ ਪਿੰਡ ਟੇਂਡੀ ਵਾਲਾ ਦੇ ਵਸਨੀਕ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਲੋਕ ਆਪਣੇ ਘਰ ਛੱਡ ਕੇ ਦੂਰ ਰਹਿ ਰਹੇ ਆਪਣੇ ਰਿਸ਼ਤੇਦਾਰਾਂ ਕੋਲ ਜਾ ਰਹੇ ਹਨ।
ਕਿਸਾਨਾਂ ਨੂੰ ਅਗਲੀ ਫ਼ਸਲ ਦੀ ਚਿੰਤਾ ਸਤਾਉਣ ਲੱਗੀ
ਸੁਰੱਖਿਆ ਦੇ ਮੱਦੇਨਜ਼ਰ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ’ਤੇ ਲਗਾਈ ਗਈ ਰੋਕ ਨੇ ਕਿਸਾਨਾਂ ਨੂੰ ਆਪਣੀ ਅਗਲੀ ਫ਼ਸਲ ਦੀ ਚਿੰਤਾ ਵਿੱਚ ਪਾ ਦਿੱਤਾ ਹੈ। ਇਨ੍ਹਾਂ ਪਿੰਡਾਂ ਦੇ ਜ਼ਿਆਦਾਤਰ ਲੋਕ ਆਰਥਿਕ ਤੌਰ ’ਤੇ ਕਮਜ਼ੋਰ ਹਨ ਅਤੇ ਖੇਤੀਬਾੜੀ ਹੀ ਉਨ੍ਹਾਂ ਦੀ ਆਮਦਨੀ ਦਾ ਮੁੱਖ ਸਰੋਤ ਹੈ। ਇਸ ਤਰ੍ਹਾਂ ਸਰਹੱਦੀ ਤਣਾਅ ਨੇ ਨਾ ਸਿਰਫ਼ ਇਨ੍ਹਾਂ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਬਲਕਿ ਉਨ੍ਹਾਂ ਦੀ ਰੋਜ਼ੀ-ਰੋਟੀ ’ਤੇ ਵੀ ਡੂੰਘਾ ਅਸਰ ਪਾਇਆ ਹੈ।