ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਕਤੂਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਵਿਰੁੱਧ ਦੁਸ਼ਮਣੀ ਦੀ ਰਾਜਨੀਤੀ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਲੜਾਈ ਦਾ ਜਵਾਬ ਲੋਕਾਂ ਦੀ ਕਚਹਿਰੀ ਵਿੱਚ ਦੇਵੇਗੀ। ਉਨ੍ਹਾਂ ਠੇਕੇਦਾਰ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਰਚਣ ਦੇ ਪੁਖਤਾ ਸਬੂਤ ਹੋਣ ਦੇ ਬਾਵਜੂਦ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਦਿੱਤੀ ਜਾ ਰਹੀ ਸ਼ੈਅ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ। ਸੂਬਾ ਕਾਂਗਰਸ ਪ੍ਰਧਾਨ ਨੇ ਸਰਕਾਰ ਦੇ ਦੋਹਰੇ ਮਾਪਦੰਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਨੇ ਆਪਣੇ ਦੋ ਮੰਤਰੀਆਂ ਵਿਜੈ ਸਿੰਗਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਖੁੱਲ੍ਹੇਆਮ ਘੁੰਮਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੰਗਲਾ ਦੇ ਸਬੰਧ ਵਿੱਚ ਸਰਕਾਰ ਨੇ ਡਰਾਮਾ ਕੀਤਾ ਅਤੇ ਬਾਅਦ ਵਿੱਚ ਅਦਾਲਤ ਵਿੱਚ ਕੇਸ ਨੂੰ ਚੰਗੀ ਤਰ੍ਹਾਂ ਪੇਸ਼ ਨਹੀਂ ਕੀਤਾ। ਇਸੇ ਤਰ੍ਹਾਂ ਸਰਾਰੀ ਖ਼ਿਲਾਫ਼ ਵੀ ਸਪਸ਼ਟ ਕੇਸ ਹੈ, ਜਿਸ ਦੇ ਆਪਣੇ ਓਐੱਸਡੀ ਨੇ ਆਡੀਓ ਰਿਕਾਰਡਿੰਗ ਸਹੀ ਹੋਣ ਦੀ ਗੱਲ ਮੰਨੀ ਹੈ। ਉਸ ਵਿਰੁੱਧ ਕੋਈ ਕਾਰਵਾਈ ਕਰਨੀ ਤਾਂ ਦੂਰ, ਜਾਂਚ ਵੀ ਸ਼ੁਰੂ ਨਹੀਂ ਕੀਤੀ। ਇਸੇ ਦੌਰਾਨ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਅਤੇ ਹੁਣ ਕੈਪਟਨ ਸੰਦੀਪ ਸੰਧੂ ਵਰਗੇ ਕਾਂਗਰਸੀ ਆਗੂਆਂ ’ਤੇ ਕੇਸ ਦਰਜ ਕਰਨ ’ਤੇ ਸ੍ਰੀ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਕਾਂਗਰਸੀਆਂ ਨੂੰ ਝੂਠੇ ਦੋਸ਼ਾਂ ਤਹਿਤ ਫਸਾ ਰਹੀ ਹੈ। ਉਨ੍ਹਾਂ ਨੇ ਪੁਲੀਸ ਅਧਿਕਾਰੀਆਂ ਨੂੰ ‘ਆਪ’ ਸਰਕਾਰ ਦੇ ਹੁਕਮਾਂ ਦੀ ਅੰਨ੍ਹੇਵਾਹ ਪਾਲਣਾ ਨਾ ਕਰਨ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਦੁਸ਼ਮਣੀ ਅਤੇ ਧੱਕੇਸ਼ਾਹੀ ਦੀ ਰਾਜਨੀਤੀ ਖਤਮ ਨਹੀਂ ਹੋਈ ਤਾਂ ਉਹ ਸੜਕਾਂ ’ਤੇ ਪ੍ਰਦਰਸ਼ਨ ਕਰਨਗੇ।