ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 3 ਫਰਵਰੀ
‘ਆਪ’ ਦੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਮੁਹਾਲੀ ਤੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਦਾ ਸੱਦਾ ਦਿੰਦਿਆਂ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਨੂੰ ਸਮਰਥਨ ਦੇਣ। ਮੀਡੀਆ ਨਾਲ ਗੱਲਬਾਤ ਦੌਰਾਨ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਹੈ ਤੇ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਆਪ ਮੁਹਾਰੇ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ।
ਜਰਨੈਲ ਸਿੰਘ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਪੰਜਾਬ ਵਿੱਚ ਹੁਣ ਕੋਈ ਭਵਿੱਖ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀਆਂ ਮੌਤਾਂ ਲਈ ਸੂਬੇ ਦੇ ਲੋਕ ਕਦੇ ਵੀ ਭਾਜਪਾ ਨੂੰ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਮੁਹਾਲੀ ਵਾਸੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਤਾਂ ਜੋ ਇਲਾਕੇ ਵਿੱਚ ਵਿਕਾਸ ਦੀ ਗੱਡੀ ਨੂੰ ਲੀਹ ’ਤੇ ਲਿਆਂਦਾ ਜਾ ਸਕੇ।
ਉਧਰ, ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਟਿਕਰੀ ਬਾਰਡਰ ’ਤੇ ਡਟੇ ਰਹਿਣ ਵਾਲੇ ਮੁਹਾਲੀ ਦੇ ਵਸਨੀਕ ਛੋਟੇ ਬੱਚੇ ਅਵਿਜੋਤ ਸਿੰਘ ਨੇ ਵੀ ‘ਆਪ’ ਉਮੀਦਵਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਉਸ ਨੇ ਕਿਹਾ ਕਿ ਉਹ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਅਤੇ ਕੁਲਵੰਤ ਸਿੰਘ ਨੂੰ ਮੁਹਾਲੀ ਤੋਂ ਵਿਧਾਇਕ ਵਜੋਂ ਦੇਖਣਾ ਚਾਹੁੰਦੇ ਹਨ।
ਹਿੰਦੂ ਹੋਣ ਕਰਕੇ ਜਾਖੜ ਨੂੰ ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਕੀਤਾ: ਰਾਘਵ ਚੱਢਾ
ਚੰਡੀਗੜ੍ਹ (ਆਤਿਸ਼ ਗੁਪਤਾ): ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਦੇ ਮੁੱਖ ਮੰਤਰੀ ਦੇ ਬਿਆਨ ਬਾਰੇ ਪਲਟਵਾਰ ਕਰਦਿਆਂ ਕਾਂਗਰਸ ’ਤੇ ਸਮਾਜ ਨੂੰ ਜਾਤ-ਧਰਮ ਦੇ ਆਧਾਰ ’ਤੇ ਵੰਡਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਿੰਦੂ ਹੋਣ ਕਰਕੇ 42 ਵਿਧਾਇਕਾਂ ਦੇ ਸਮਰਥਨ ਦੇ ਬਾਵਜੂਦ ਜਾਖੜ ਦੀ ਥਾਂ ਦੋ ਵਿਧਾਇਕਾਂ ਦੇ ਸਮਰਥਨ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਸ੍ਰੀ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਨਫ਼ਰਤ ਦੇ ਆਧਾਰ ’ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ਼ ਹਿੰਦੂ ਵੋਟ ਲਈ ਸੁਨੀਲ ਜਾਖੜ ਦਾ ਨਾਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੁਨੀਲ ਜਾਖੜ ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਹੈ ਹੀ ਨਹੀਂ ਤਾਂ ਕਾਂਗਰਸ ਨੇ ਪੰਜਾਬ ਭਰ ਵਿੱਚ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਦੇ ਨਾਲ ਸੁਨੀਲ ਜਾਖੜ ਦੀ ਫੋਟੋ ਕਿਉਂ ਲਗਾਈ ਹੈ?