ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਮੁਕੰਮਲ ਤਾਲਾਬੰਦੀ ਕਰਨ ਤੋਂ ਪਹਿਲਾਂ ਲੋਕਾਂ ਦੀਆਂ ਘਰੇਲੂ ਲੋੜਾਂ ਪੂਰੀਆਂ ਕੀਤੀਆਂ ਜਾਣ। ਲੋੜਵੰਦਾਂ ਤੇ ਗ਼ਰੀਬ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਤਾਲਾਬੰਦੀ ਦੌਰਾਨ ਉਨ੍ਹਾਂ ਦੀ ਪਾਰਟੀ ਸੂਬਾ ਸਰਕਾਰ ਤੇ ਲੋਕਾਂ ਦੀ ਹਰ ਮਦਦ ਕਰਨ ਲਈ ਤਿਆਰ ਹੈ।
ਸ੍ਰੀ ਮਾਨ ਨੇ ਕਿਹਾ ਕਿ ਸੂਬੇ ਵਿੱਚ ਤਾਲਾਬੰਦੀ ਦੀਆਂ ਅਫ਼ਵਾਹਾਂ ਕਾਰਨ ਜ਼ਰੂਰੀ ਵਸਤਾਂ ਦੀ ਕਾਲਾ ਬਾਜ਼ਾਰੀ ਸ਼ੁਰੂ ਹੋ ਗਈ ਹੈ, ਜਿਸ ਨੂੰ ਰੋਕਣ ਲਈ ਉਚਿਤ ਕਦਮ ਚੁੱਕਣ ਦੀ ਲੋੜ ਹੈ। ਹਾੜ੍ਹੀ ਦੇ ਸੀਜ਼ਨ ਤੋਂ ਬਾਅਦ ਪਰਵਾਸੀ ਮਜ਼ਦੂਰਾਂ ਨੂੰ ਖਾਣ-ਪੀਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਸੂਬਾ ਸਰਕਾਰ ਨੂੰ ਪਰਵਾਸੀ ਮਜ਼ਦੂਰਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਮਜ਼ਦੂਰਾਂ, ਟੈਕਸੀ ਅਤੇ ਆਟੋ ਡਰਾਈਵਰਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦੀ ਮਦਦ ਕੀਤੀ ਹੈ, ਉਸੇ ਤਰਜ਼ ’ਤੇ ਪੰਜਾਬ ਸਰਕਾਰ ਵੀ ਮੁਆਵਜ਼ਾ ਦੇਵੇ।
‘ਆਪ’ ਵੱਲੋਂ ਆਕਸੀਜਨ ਦੀ ਘਾਟ ਦੂਰ ਕਰਨ ਲਈ ਮੁੱਖ ਮੰਤਰੀ ਨੂੰ ਪੱਤਰ
ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਆਕਸੀਜਨ ਦੀ ਕਮੀ ਦੂਰ ਕਰਨ ਦੀ ਮੰਗ ਕੀਤੀ ਹੈ। ਪਾਰਟੀ ਨੇ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਫੁੱਲੋਖੇੜੀ ਪਲਾਂਟ ਵਿੱਚ ਆਕਸੀਜਨ ਗੈਸ ਦੇ ਉਤਪਾਦਨ ਅਤੇ ਭੰਡਾਰਨ ਦੇ ਸੁਚੱਜੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪੱਤਰ ਵਿੱਚ ਕਿਹਾ ਕਿ ਸੂਬੇ ’ਚ ਕਰੋਨਾ ਪੀੜਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਇਸ ਕਰਕੇ ਸੂਬੇ ’ਚ ਆਕਸੀਜਨ ਗੈਸ ਦੀ ਮੰਗ ਵਧ ਗਈ ਹੈ, ਪਰ ਇਸ ਦੀ ਪੂਰਤੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵਿੱਚ ਭਰਪੂਰ ਮਾਤਰਾ ’ਚ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਹੈ, ਪਰ ਗੈਸ ਭੰਡਾਰਨ ਦੇ ਜ਼ਰੂਰੀ ਉਪਕਰਨ ਨਾ ਹੋਣ ਕਰਕੇ ਗੈਸ ਨੂੰ ਵਰਤੋਂ ਵਿੱਚ ਨਹੀਂ ਲਿਆਂਦਾ ਜਾ ਰਿਹਾ। ਉਨ੍ਹਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਰਿਫਾਈਨਰੀ ’ਚ ਆਕਸੀਜਨ ਦੇ ਭੰਡਾਰਨ ਲਈ ਲੋੜੀਂਦੇ ਉਪਕਰਨਾਂ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਇੱਥੋਂ ਆਕਸੀਜਨ ਦੀ ਸਪਲਾਈ ਸੂਬੇ ਭਰ ’ਚ ਕੀਤੀ ਜਾ ਸਕੇ।