ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ ,7 ਦਸੰਬਰ
ਪੈਪਸੀਕੋ ਵਰਕਰਜ਼ ਯੂਨੀਅਨ ਏਟਕ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਰਕਰਾਂ ਨੇ ਦਿੱਲੀ ਕਿਸਾਨਾਂ ਦੇ ਮੋਰਚੇ ਵਿਚ ਭਰਵੀਂ ਸ਼ਮੂਲੀਅਤ ਕੀਤੀ। 30 ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬਿਰੜਵਾਲ ਅਤੇ ਜਨਰਲ ਸਕੱਤਰ ਕ੍ਰਿਸ਼ਨ ਸਿੰਘ ਭੜ੍ਹੋ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤਾ ਜਾ ਰਿਹਾ ਧੱਕਾ ਨਾਬਰਦਾਸ਼ਤਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਡੇ ਘਰਾਣਿਆਂ ਨੂੰ ਬੜ੍ਹਾਵਾ ਦੇਣ ਵਾਲੀਆਂ ਨੀਤੀਆਂ ਦਾ ਸਮੂਹ ਵਰਗ ਵਿਰੋਧ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਨਾਲ ਨੌਜਵਾਨ ,ਬੀਬੀਆਂ ਅਤੇ ਦੂਜੇ ਰਾਜਾਂ ਦੇ ਕਿਸਾਨ ਵੀ ਜੁੜ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਬਿਨਾਂ ਸ਼ਰਤ ਰੱਦ ਕੀਤੇ ਜਾਣ। ਇਸ ਮੌਕੇ ਰਾਣਾ ਸਿੰਘ, ਸਰਬਜੀਤ ਸਿੰਘ, ਬਿੰਦਰ ਸਿੰਘ,ਤਰਸੇਮ ਸਿੰਘ, ਸੁਪਿੰਦਰ ਸਿੰਘ ਆਦਿ ਹਾਜ਼ਰ ਸਨ।