ਨਿੱਜੀ ਪੱਤਰ ਪ੍ਰੇਰਕ
ਜਲੰਧਰ, 13 ਮਈ
‘ਪੀਐੱਮ ਕੇਅਰਜ਼ ਫੰਡ’ ਤਹਿਤ ਪੰਜਾਬ ਨੂੰ ਭੇਜੇ ਵੈਂਟੀਲੇਟਰਾਂ ਵਿੱਚੋਂ 90 ਫੀਸਦੀ ਵੈਂਟੀਲੇਟਰ ਖਰਾਬ ਹੋਣ ਕਾਰਨ ਪੰਜਾਬ ਯੂਥ ਕਾਂਗਰਸ ਨੇ ਇਸ ਦਾ ਤਿੱਖਾ ਵਿਰੋਧ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਅੰਗਦ ਦੱਤਾ ਦੀ ਅਗਵਾਈ ਹੇਠ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਨਾ ਖੇਡੇ ਸਗੋਂ ਕੀਮਤੀ ਜਾਨਾਂ ਬਚਾਉਣ ਲਈ ਇਮਾਨਦਾਰੀ ਨਾਲ ਕੰਮ ਕਰੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ 320 ਵੈਂਟੀਲੇਟਰ ਭੇਜੇ ਸਨ, ਜਿਨ੍ਹਾਂ ਵਿਚੋਂ 280 ਦੇ ਕਰੀਬ ਵੈਂਟੀਲੇਟਰ ਖਰਾਬ ਪਾਏ ਗਏ ਹਨ।
ਯੂਥ ਕਾਂਗਰਸ ਦੇ ਪ੍ਰਧਾਨ ਅੰਗਦ ਦੱਤਾ ਨੇ ਕਿਹਾ ਕਿ ਜਦੋਂ ਸਮੁੱਚੀ ਦੁਨੀਆਂ ਕਰੋਨਾ ਮਹਾਮਾਰੀ ਦੀ ਲਪੇਟ ਵਿੱਚ ਆਈ ਹੋਈ ਹੈ ਤਾਂ ਕੇਂਦਰ ਸਰਕਾਰ ਨੂੰ ਮਾੜੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕੇਂਦਰ ਸਰਕਾਰ ਕੋਵਿਡ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਮਦਦ ਕਰਨ ਦੀ ਬਜਾਇ ਇਸ ’ਤੇ ਬੇਲੋੜਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਤ ਰਾਜਾਂ ਦੇ ਮੁਕਾਬਲੇ ਪੰਜਾਬ ਨੂੰ ਵੈਕਸੀਨ ਤੇ ਆਕਸੀਜਨ ਦਾ ਕੋਟਾ ਬਹੁਤ ਘੱਟ ਮਿਲ ਰਿਹਾ ਹੈ। ਰੋਸ ਪ੍ਰਦਰਸ਼ਨ ਕਰਨ ਵਾਲੇ ਯੂਥ ਕਾਂਗਰਸੀ ਆਗੂਆਂ ਨੇ ਮਾਸਕ ਬੰਨ੍ਹੇ ਹੋਏ ਸਨ ਤੇ ਉਹ ਗਿਣਤੀ ਦੇ ਹੀ ਨੌਜਵਾਨ ਸਨ। ਉਨ੍ਹਾਂ ਦੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ ਕਿ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰਨਾ ਬੰਦ ਕਰੇ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਭਾਜਪਾ ਨੇ ਸਰਕਾਰੀ ਟੀਕਾਕਰਨ ਕੇਂਦਰਾਂ ਦੀ ਥਾਂ ’ਤੇ ਸੱਤਾਧਾਰੀ ਆਗੂਆਂ ਵੱਲੋਂ ਆਪੋ-ਆਪਣੇ ਖੇਤਰਾਂ ਵਿਚ ਟੀਕਾਕਰਨ ਕੈਂਪ ਲਗਾਉਣ ’ਤੇ ਇਤਰਾਜ਼ ਕੀਤਾ ਹੈ। ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਨੇ ਆਖਿਆ ਕਿ ਇਸ ਕਾਰਨ ਸਰਕਾਰੀ ਟੀਕਾਕਰਨ ਕੇਂਦਰਾਂ ਵਿੱਚ ਕਰੋਨਾ ਵੈਕਸੀਨ ਦੀ ਘਾਟ ਪੇਸ਼ ਆ ਰਹੀ ਹੈ।