ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੱਕੇ ਮੋਰਚੇ ਜਾਰੀ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਭਰ ਵਿੱਚ ਸ਼ੁਰੂ ਕੀਤੇ ਜ਼ਿਲ੍ਹਾ ਪੱਧਰ ’ਤੇ ਪੱਕੇ ਮੋਰਚੇ ਅੱਜ ਵੀ ਜਾਰੀ ਰਹੇ। ਇਸੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਲਈ ਪੰਜਾਬ ਭਾਜਪਾ ਦੇ ਪ੍ਰਧਾਨ...
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਭਰ ਵਿੱਚ ਸ਼ੁਰੂ ਕੀਤੇ ਜ਼ਿਲ੍ਹਾ ਪੱਧਰ ’ਤੇ ਪੱਕੇ ਮੋਰਚੇ ਅੱਜ ਵੀ ਜਾਰੀ ਰਹੇ। ਇਸੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਅਬੋਹਰ ਰਿਹਾਇਸ਼ ਦਾ ਘਿਰਾਓ ਕੀਤਾ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਾਉਣ, ਦੁਬਾਰਾ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਪਾਲਸੀ ਰੱਦ ਕਰਵਾਉਣ, ਕਾਸ਼ਤਕਾਰ ਕਿਸਾਨਾਂ ਮਜ਼ਦੂਰਾਂ ਆਬਾਦਕਾਰਾਂ ਅਤੇ ਮੁਜ਼ਾਰਿਆਂ ਨੂੰ ਮਾਲਕੀ ਹੱਕ ਦਿਵਾਉਣ, ਮਜ਼ਦੂਰਾਂ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ ਅਤੇ ਦਰਿਆਈਂ ਪਾਣੀਆਂ ਦੀ ਵੰਡ ਦੇ ਰੱਟੇ ਨੂੰ ਵੱਖ ਵੱਖ ਸੂਬਿਆਂ ਦੇ ਕਿਸਾਨਾਂ ਨੂੰ ਆਪੋ ਵਿੱਚ ਲੜਾਉਣ ਦੀਆਂ ਸਾਜ਼ਿਸ਼ਾਂ ਬੰਦ ਕਰਕੇ ਇਸ ਮਸਲੇ ਦਾ ਹੱਲ ਕਰਨ ਦੀ ਮੰਗ ਕੀਤੀ। ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾ, ਕਮਲ ਬਰਨਾਲਾ, ਕੁਲਦੀਪ ਕੁੱਸਾ ਆਦਿ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਕਿਸਾਨ ਮੋਰਚਿਆਂ ਨੂੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਕਰ ਮੁਕਤ ਵਪਾਰ ਸਮਝੌਤਾ ਪਹਿਲਾਂ ਹੀ ਸੰਕਟ ਮੂੰਹ ਆਏ ਖੇਤੀ ਖੇਤਰ ਦਾ ਹੋਰ ਵੀ ਉਜਾੜਾ ਕਰਨ ਦਾ ਸਾਧਨ ਬਣੇਗਾ। ਵਪਾਰ ਸਮਝੌਤਾ ਖੇਤੀ ਖੇਤਰ ਤੋਂ ਇਲਾਵਾ ਸਨਅਤੀ ਖੇਤਰ ਅਤੇ ਪਰਚੂਨ ਖੇਤਰ ਦੀ ਵੀ ਤਬਾਹੀ ਦਾ ਸਾਧਨ ਬਣੇਗਾ ਸਿੱਟੇ ਵਜੋਂ ਦੇਸ਼ ’ਚ ਬੇਰੁਜ਼ਗਾਰੀ, ਮਹਿੰਗਾਈ ਵਧੇਗੀ ਅਤੇ ਜੀਨ ਸੋਧੀਆਂ ਖੁਰਾਕੀ ਵਸਤਾਂ ਦੀ ਆਮਦ ਨਾਲ ਭਾਰਤੀ ਲੋਕ ਭਿਆਨਕ ਬਿਮਾਰੀਆਂ ਮੂੰਹ ਧੱਕੇ ਜਾਣ ਲਈ ਸਰਾਪੇ ਜਾਣਗੇ।

