ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਸਕੱਤਰ ਵੀ.ਕੇ.ਜੰਜੂਆ ਨੇ ਹਾਈ ਕੋਰਟ ਵਿਚ ਆਪਣੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੇ ਮਾਮਲੇ ਸਬੰਧੀ ਕਿਹਾ ਕਿ ਪਟੀਸ਼ਨਰ ਉਨ੍ਹਾਂ ’ਤੇ ਦਬਾਅ ਪਾਉਣ ਲਈ ਪਟੀਸ਼ਨਾਂ ਦਾਇਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਰ ਵੱਲੋਂ ਜੋ ਆਧਾਰ ਬਣਾਇਆ ਜਾ ਰਿਹਾ ਹੈ, ਉਸ ਵਿਚ ਕੋਈ ਸਚਾਈ ਨਹੀਂ ਹੈ ਕਿਉਂਕਿ ਨਿਆਂਇਕ ਮੈਜਿਸਟਰੇਟ ਦੀ ਅਦਾਲਤ ਵੱਲੋਂ ਉਨ੍ਹਾਂ ਵਿਰੁੱਧ ਐਫਆਈਆਰ ਅਤੇ ਹੋਰ ਕਾਰਵਾਈਆਂ ਨੂੰ ਅਸਵੀਕਾਰ ਕਰ ਦਿੱਤਾ ਗਿਆ ਹੈ। ਇਸ ਲਈ ਮਨਜ਼ੂਰੀ ਦਾ ਸਵਾਲ ਵਾਜਬ ਨਹੀਂ ਹੈ। ਕਿਸੇ ਵੀ ਹੇਠਲੀ ਅਦਾਲਤ ਵਿਚ ਉਨ੍ਹਾਂ ਵਿਰੁੱਧ ਕੁਝ ਵੀ ਵਿਚਾਰ ਅਧੀਨ ਨਹੀਂ ਹੈ। ਪਟੀਸ਼ਨਰ ਟੀ.ਆਰ. ਮਿਸ਼ਰਾ ਨੂੰ ਜ਼ਮਾਨਤ ਲੈਣੀ ਪਈ ਸੀ ਇਸੇ ਲਈ ਦਬਾਅ ਬਣਾਉਣ ਲਈ ਹੁਣ ਅਜਿਹਾ ਕੀਤਾ ਜਾ ਰਿਹਾ ਹੈ।