ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਜੁਲਾਈ
ਪੰਚਾਇਤ ਵਿਭਾਗ ਅਧੀਨ 14 ਸਾਲਾਂ ਤੋਂ ਕੰਟਰੈਕਟ ਆਧਾਰ ’ਤੇ ਕੰਮ ਕਰ ਰਹੇ ‘ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸ਼ੁਰੂ ਕੀਤੀ ਗਈ ਸੂਬਾਈ ਹੜਤਾਲ਼ ਅਤੇ ਧਰਨੇ 13ਵੇਂ ਦਿਨ ਵੀ ਜਾਰੀ ਰਹੇ। ਜਥੇਬੰਦੀ ਦੇ ਸੂਬਾਈ ਬੁਲਾਰੇ ਅਤੇ ਮੀਤ ਪ੍ਰਧਾਨ ਸਵਰਤ ਸ਼ਰਮਾ ਨੇ ਕਿਹਾ ਕਿ ਪੰਜਾਬ ਭਰ ’ਚ ਜਾਰੀ ਇਸ ਸੰਘਰਸ਼ ਦੀ ਅਗਵਾਈ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਤ ਰਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੇਵਾਵਾਂ ਰੈਗੂਲਰ ਕਰਵਾਉਣ ’ਤੇ ਆਧਾਰਿਤ ਆਪਣੀ ਇੱਕ ਨੁਕਾਤੀ ਮੰਗ ਦੀ ਪੂਰਤੀ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸੇ ਕੜੀ ਵਜੋਂ ਜ਼ਿਲ੍ਹਾ ਪਰਿਸ਼ਦ ਦਫ਼ਤਰ ਪਟਿਆਲਾ ਵਿਚ ਹੜਤਾਲੀ ਮੁਲਾਜ਼ਮਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ। ਧਰਨੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਸੌਜਾ ਨੇ ਕਿਹਾ ਕਿ 14 ਸਾਲਾਂ ਤੋਂ 12 ਸੌ ਦੇ ਕਰੀਬ ਰੂਰਲ ਫਾਰਮਾਸਿਟਾਂ ਨੂੰ ਦਸ ਹਜ਼ਾਰ ਰੁਪਏ ਤਨਖ਼ਾਹ ਦੇ ਕੇ ਹੀ ਬੁੱਤਾ ਸਾਰਿਆ ਜਾ ਰਿਹਾ ਹੈ। ਚੌਥਾ ਦਰਜਾ ਕਰਮਚਾਰੀਆਂ ਨੂੰ 4500 ਹੀ ਮਿਲਦਾ ਹੈ। ਦੂਜੇ ਪਾਸੇ, ਉਨ੍ਹਾਂ ਦੇ ਬਾਈਕਾਟ ਕਾਰਨ ਕਰੋਨਾ ਮਹਾਮਾਰੀ ਦੌਰਾਨ ਸਰਕਾਰ ਵੱਲੋਂ ਵਾਲੰਟੀਅਰ ਰੂਪੀ ਆਰਜ਼ੀ ਫਾਰਮਾਸਿਸਟਾਂ ਨੂੰ 35 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾ ਰਹੀ ਹੈ। ਇਸ ਵਰਤਾਰੇ ਨੂੰ ਹੜਤਾਲ਼ੀ ਫਾਰਮਾਸਿਸਟਾਂ ਨੇ ਧਰੋਹ ਗਰਦਾਨਿਆ। ਉਨ੍ਹਾਂ ਕਿਹਾ ਕਿ ਸਮੂਹ ਫਾਰਮਾਸਿਸਟ ਰੈਗੂਲਰ ਹੋਣ ਲਈ ਆਪਣੀ ਵਿਦਿਅਕ ਯੋਗਤਾ ਸਣੇ ਹੋਰ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ ਤੇ ਸੇਵਾਵਾਂ ਰੈਗੂਲਰ ਕਰਨ ’ਤੇ ਸੂਬਾ ਸਰਕਾਰ ’ਤੇ ਤੁਰੰਤ ਕੋਈ ਵਿੱਤੀ ਬੋਝ ਵੀ ਨਹੀਂ ਪਵੇਗਾ। ਇਸ ਮੌਕੇ ਗੁਰਸੇਵਕ ਸਿੰਘ, ਬਲਕਾਰ ਸਿੰਘ, ਸਤਵੀਰ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਕੌਰ, ਜੋਤੀ ਰਾਣੀ ਤੇ ਅਨੀਤਾ ਬੱਤਰਾ ਆਦਿ ਵੀ ਮੌਜੂਦ ਸਨ।