ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਨਵੰਬਰ
ਸਥਾਨਕ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਅਤੇ ਨਾਮਵਰ ਫੋਟੋ ਕਲਾਕਾਰ ਰਣਜੋਧ ਸਿੰਘ ਵੱਲੋਂ ਦਰਸ਼ਨੀ ਡਿਓਢੀ ਤੋਂ ਖਿੱਚੀ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੀ ਅਲੌਕਿਕ ਤਸਵੀਰ ਸੰਗਤ ਨੂੰ ਸਮਰਪਿਤ ਕੀਤੀ ਗਈ। ਤਸਵੀਰ ਸੰਗਤ ਨੂੰ ਸਮਰਪਿਤ ਕਰਨ ਦੀ ਰਸਮ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਨਿਭਾਈ। ਕਾਲਜ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਫੋਟੋ ਕਲਾਕਾਰ ਰਣਜੋਧ ਸਿੰਘ ਨੂੰ ਵਧਾਈ ਦਿੱਤੀ। ਰਣਜੋਧ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਣਜੋਧ ਸਿੰਘ ਜੀ ਦੁਆਰਾ ਕਰੋਨਾ ਦੇ ਸਮੇਂ ਲਈ ਇਹ ਤਸਵੀਰ ਉਸ ਸਮੇਂ ਦੀ ਯਾਦ ਦਿਵਾਉਂਦੀ ਹੈ ਜਦੋਂ ਸੰਗਤਾਂ ਇਸ ਮਹਾਮਾਰੀ ਕਾਰਨ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਨਹੀਂ ਸੀ ਆ ਸਕਦੀਆਂ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਅਲੌਕਿਕ ਤਸਵੀਰ ਹੈ ਜੋ ਆਪਣੀ ਦਿੱਖ ਨਾਲ ਦਿਲਾਂ ਨੂੰ ਟੁੰਭਦੀ ਹੈ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਫੀਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਪ੍ਰਧਾਨ ਗਿਆਨੀ ਪ੍ਰਿਤਪਾਲ ਸਿੰਘ ਅਤੇ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ।