ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਸਤੰਬਰ
ਪੰਜਾਬ ਸਰਕਾਰ ਨੇ ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਬੀਜਾਂ ਦੇ ਮਿਆਰ ਬਾਰੇ ਤੁਰੰਤ ਉੱਚ ਪੱਧਰੀ ਜਾਂਚ ਦੇ ਹੁਕਮ ਕੀਤੇ ਹਨ। ਇਹ ਵੀ ਕਿਹਾ ਗਿਆ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਫ਼ੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੇ ਹੋਰਨਾਂ ਉੱਚ ਅਧਿਕਾਰੀਆਂ ਸਮੇਤ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨਾਲ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕਰਨ ਮਗਰੋਂ ਇਹ ਜਾਣਕਾਰੀ ਦਿੱਤੀ। ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੰਦਿਆਂ ਜਲਦੀ ਰਿਪੋਰਟ ਦੇਣ ਲਈ ਕਿਹਾ ਹੈ। ਖੇਤੀ ਮੰਤਰੀ ਨਾਭਾ ਨੇ ਦੱਸਿਆ ਕਿ ਨਰਮੇ ਦੀ ਫ਼ਸਲ ਨੂੰ ਹੋਰ ਨੁਕਸਾਨ ਤੋਂ ਬਚਾਉਣ ਲਈ ਸਰਕਾਰ ਵੱਲੋਂ ਮੁਫ਼ਤ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਦਰਜ 105 ਕੇਸਾਂ ਵਿੱਚੋਂ 60 ਕੇਸ ਵਾਪਸ ਲੈ ਲਏ ਗਏ ਹਨ ਅਤੇ ਬਾਕੀ ਰਹਿੰਦੇ ਕੇਸ ਜਲਦੀ ਵਾਪਸ ਲੈ ਲਏ ਜਾਣਗੇ। ਰੇਲਵੇ ਪੁਲੀਸ ਵੱਲੋਂ ਦਰਜ ਕੀਤੇ ਗਏ ਕੇਸ ਵਾਪਸ ਲੈਣ ਸਬੰਧੀ ਪੰਜਾਬ ਸਰਕਾਰ ਨੇ ਰੇਲਵੇ ਵਿਭਾਗ ਨੂੰ ਪੱਤਰ ਲਿਖਿਆ ਸੀ ਅਤੇ ਹੁਣ ਉਹ ਖ਼ੁਦ ਰੇਲਵੇ ਮੰਤਰੀ ਨੂੰ ਮਿਲ ਕੇ ਇਹ ਮੰਗ ਰੱਖਣਗੇ। ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ 99 ਫ਼ੀਸਦੀ ਦੇ ਕਰੀਬ ਅਦਾਇਗੀ ਹੋ ਗਈ ਹੈ ਅਤੇ ਸਿਰਫ਼ 8 ਕਰੋੜ ਰੁਪਏ ਬਕਾਇਆ ਹਨ, ਜੋ ਕਿ ਕੇਂਦਰ ਸਰਕਾਰ ਦੇ ਬਫ਼ਰ ਸਟਾਕ ਸਬਸਿਡੀ ਦੇ ਹਨ, ਜਿਸ ਲਈ ਕੇਂਦਰ ਕੋਲ ਚਾਰਾਜੋਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਐਲਾਨੇ ਗੰਨੇ ਦਾ ਭਾਅ ਦਾ ਨੋਟੀਫਿਕੇਸ਼ਨ ਅਗਲੇ ਕੁਝ ਦਿਨਾਂ ਵਿੱਚ ਜਾਰੀ ਹੋ ਜਾਵੇਗੀ। ਰੰਧਾਵਾ ਨੇ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਤਾਰ ਪਾਰਲੀ ਜ਼ਮੀਨਾਂ ਵਿੱਚ ਖੇਤੀ ਲਈ ਨਿਰਧਾਰਿਤ ਸਮਾਂ ਗੇਟ ਖੁੱਲ੍ਹੇ ਜਾਣ ਦੀ ਮੰਗ ਉਠਾਏ ਜਾਣ ’ਤੇ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਬੀਐੱਸਐੱਫ ਕੋਲ ਇਹ ਮੁੱਦਾ ਉਠਾਉਣ ਲਈ ਹਦਾਇਤ ਕੀਤੀ ਜਾਵੇਗੀ। ਮੀਟਿੰਗ ਵਿਚ ਐੱਮਪੀ ਜਸਬੀਰ ਸਿੰਘ ਡਿੰਪਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਨਵਤੇਜ ਸਿੰਘ ਚੀਮਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ, ਖੇਤੀਬਾੜੀ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ, ਕੇਨ ਕਮਿਸ਼ਨਰ ਗੁਰਵਿੰਦਰ ਸਿੰਘ, ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਤੇ ਹੋਰ ਹਾਜ਼ਰ ਸਨ।
ਬਾਕੀ ਰਹਿੰਦੇ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਜਲਦੀ ਨਿਯੁਕਤੀ ਪੱਤਰ ਦੇਣ ਦਾ ਵਾਅਦਾ
ਰੰਧਾਵਾ ਨੇ ਕਿਸਾਨਾਂ ਨੂੰ ਦੱਸਿਆ ਕਿ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪ੍ਰਤੀ ਕਿਸਾਨ ਪੰਜ ਲੱਖ ਰੁਪਏ ਦਿੱਤੇ ਗਏ ਹਨ ਤੇ 165 ਮ੍ਰਿਤਕ ਕਿਸਾਨਾਂ ਦੇ ਇੱਕ-ਇੱਕ ਪਰਿਵਾਰਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਲਈ ਕਾਰਵਾਈ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਮ੍ਰਿਤਕਾਂ ਦੇ ਵਾਰਿਸਾਂ ਦਾ ਨਾਮ ਤੈਅ ਹੋਣ ਮਗਰੋਂ ਨਿਯੁਕਤੀ ਪੱਤਰ ਤਿਆਰ ਕਰ ਲਏ ਜਾਣਗੇ ਕਿਉਂਕਿ ਇਨ੍ਹਾਂ ਪਰਿਵਾਰਾਂ ਵੱਲੋਂ ਦੂਰ-ਦੁਰਾਡੇ ਦੇ ਰਿਸ਼ਤੇਦਾਰ ਦਾ ਨਾਮ ਲਿਖਵਾਉਣ ਕਾਰਨ ਕਾਨੂੰਨੀ ਅੜਚਣ ਆਈ ਹੈ। ਨਾਭਾ ਨੇ ਕਿਹਾ ਕਿ ਇੱਕ ਮਹੀਨੇ ਦੇ ਅੰਦਰ ਸਾਰੇ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਮਿਲ ਜਾਣਗੇ। ਇਸ ਤੋਂ ਇਲਾਵਾ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਤਿੰਨ ਮ੍ਰਿਤਕ ਕਿਸਾਨਾਂ ਦਾ ਨਾਮ ਵੀ ਸੂਚੀ ਵਿੱਚ ਸ਼ਾਮਲ ਕਰਨ ਦੀ ਹਦਾਇਤ ਕੀਤੀ ਗਈ।