ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਕਤੂਬਰ
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਈ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਅਸਲ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਵਿੱਤ ਕਮਿਸ਼ਨਰ ਵਿਕਾਸ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਮਗਰੋਂ ਪ੍ਰਭਾਵਿਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਨਰਮਾ ਪੱਟੀ ਦੇ ਕਿਸਾਨਾਂ ਦੇ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਇੱਕ ਬਿਆਨ ਰਾਹੀਂ ਉਪ ਮੁੱਖ ਮੰਤਰੀ ਨੇ ਆਖਿਆ ਕਿ ਮਾਲਵਾ ਪੱਟੀ ਵਿੱਚ ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਮਗਰੋਂ ਮੁੱਖ ਮੰਤਰੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ। ਇਸ ਉਪਰੰਤ ਉਨ੍ਹਾਂ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਸਣੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਮਾਲ ਅਤੇ ਖੇਤੀਬਾੜੀ ਵਿਭਾਗ ਨੂੰ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰ ਕੇ ਹਰ ਹਾਲ ਵਿੱਚ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਉਣ ਲਈ ਕਿਹਾ ਹੈ।
ਗੁਲਾਬੀ ਸੁੰਡੀ ਨਾਲ ਨਜਿੱਠਣ ਲਈ ਵਰਤੀ ਜਾਵੇਗੀ ‘ਮੈਟਿੰਗ ਡਿਸਰਪਸ਼ਨ ਟੈਕਨਾਲੋਜੀ’
ਇੱਥੇ ਅੱਜ ਅਧਿਕਾਰੀਆਂ ਅਤੇ ਮਾਹਿਰਾਂ ਦੇ ਉੱਚ ਪੱਧਰੀ ਵਫ਼ਦ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਪਾਹ ਦੀ ਫਸਲ ਲਈ ਅਗਲੇ ਸੀਜ਼ਨ ਤੋਂ ਗੁਲਾਬੀ ਸੁੰਡੀ ਨਾਲ ਨਜਿੱਠਣ ਲਈ ‘ਮੈਟਿੰਗ ਡਿਸਰਪਸ਼ਨ ਟੈਕਨਾਲੋਜੀ’ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਟੈਕਨਾਲੋਜੀ ਨੋ-ਪੰਪ ਨੋ-ਸਪਰੇਅ ਨਾਲ ਸਬੰਧਤ ਹੈ।