ਆਤਿਸ਼ ਗੁਪਤਾ
ਚੰਡੀਗੜ੍ਹ, 27 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਣ ਦੇ ਨਾਲ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਿਨ੍ਹਾਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਉਸੇ ਦੌਰਾਨ ਆਮ ਆਦਮੀ ਪਾਰਟੀ (‘ਆਪ’) ਵੀ ਨਿੱਤ ਪੰਜਾਬੀਆਂ ਨੂੰ ਲੁਭਾਉਣ ਦੀ ਕੋਸ਼ਿਸ਼ਾਂ ਕਰ ਰਹੀ ਹੈ। ਜੋ ਕਿ ਹੋਰਨਾਂ ਪਾਰਟੀਆਂ ਤੋਂ ਹਟ ਕੇ ਨਵੇਂ ਐਲਾਨ ਕਰ ਰਹੀ ਹੈ। ‘ਆਪ’ ਨੇ ਸਾਰੀਆਂ ਰਿਵਾਇਤੀ ਪਾਰਟੀਆਂ ਨਾਲੋਂ ਪਹਿਲਾਂ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਭਗਵੰਤ ਮਾਨ ਦਾ ਐਲਾਨ ਕਰ ਦਿੱਤਾ ਹੈ। ਹੁਣ ‘ਆਪ’ ਨੇ ਆਪਣਾ ਨਾਅਰਾ ਵੀ ਬਦਲ ਦਿੱਤਾ ਹੈ। ਨਵੇਂ ਨਾਅਰੇ ਵਿੱਚ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਕੀਤਾ ਹੈ। ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਉਮੀਦਵਾਰ ਐਲਾਨੇ ਜਾਣ ਤੋਂ ਪਹਿਲਾਂ ‘ਆਪ’ ਪੰਜਾਬ ਦੇ ਲੋਕਾਂ ਨੂੰ ਦਿੱਲੀ ਦੇ ਮਾਡਲ ਅਤੇ ਕੇਜਰੀਵਾਲ ਦੇ ਕੰਮਾਂ ਦੇ ਆਧਾਰ ’ਤੇ ਪ੍ਰਚਾਰ-ਪ੍ਰਸਾਰ ਕੀਤਾ ਜਾ ਰਿਹਾ ਸੀ। ਨਵੇਂ ਨਾਅਰੇ ‘ਇਕ ਮੌਕਾ ਕੇਜਰੀਵਾਲ ਨੂੰ, ਇਕ ਮੌਕਾ ਭਗਵੰਤ ਮਾਨ ਨੂੰ’ ਦੇ ਬੋਰਡ ਵੀ ਪੰਜਾਬ ਭਰ ਵਿੱਚ ਲੱਗਣੇ ਸ਼ੁਰੂ ਹੋ ਗਏ ਹਨ। ਸੋਸ਼ਲ ਮੀਡੀਆ ’ਤੇ ਵੀ ਗੀਤਾਂ ਰਾਹੀਂ ਨਵੇਂ ਨਾਅਰੇ ਨੂੰ ਪ੍ਰਚਾਰਿਆ ਜਾ ਰਿਹਾ ਹੈ। ਇਸ ਤੋਂ ਸਾਫ਼ ਹੈ ਕਿ ਆਮ ਆਦਮੀ ਪਾਰਟੀ (ਆਪ) ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਖੁੱਸਣ ਲਈ ਕੋਈ ਗਲਤੀ ਨਹੀਂ ਕਰਨਾ ਚਾਹੁੰਦੀ ਹੈ। ‘ਆਪ’ ਨੇ ਵਿਧਾਨ ਸਭਾ ਚੋਣਾਂ 2017 ’ਚ ਦਿਹਾਤੀ ਖੇਤਰ ਵਿੱਚ 23.7 ਫ਼ੀਸਦ ਵੋਟਾਂ ਹਾਸਿਲ ਕਰਕੇ 20 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵੋਟਾਂ ਪਿੰਡਾਂ ਵਿੱਚੋਂ ਮਿਲੀਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ‘ਆਪ’ ਪੰਜਾਬ ਦੇ ਸ਼ਹਿਰੀ ਅਤੇ ਦਿਹਾਤੀ ਖੇਤਰ ਦੋਵਾਂ ਵਿੱਚ ਪੈਰ ਪਸਾਰ ਚੁੱਕੀ ਹੈ ਜਿਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਵੀ ਮਿਲਦਾ ਦਿਖਾਈ ਦੇ ਰਿਹਾ ਹੈ।