ਚੰਡੀਗੜ੍ਹ ਵਿੱਚ ਕਿਸਾਨ ਰੈਲੀ ਬਾਰੇ ਵਿਉਂਤਬੰਦੀ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ 26 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਵਿੱਚ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਯੂਨੀਅਨ ਦੀ ਸੂਬਾ ਕਮੇਟੀ ਨੇ ਅੱਜ ਰੈਲੀ ਦੀਆਂ ਤਿਆਰੀਆਂ ਬਾਰੇ ਆਨਲਾਈਨ ਮੀਟਿੰਗ ਕੀਤੀ ਜਿਸ ਵਿੱਚ 14...
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ 26 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਵਿੱਚ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਯੂਨੀਅਨ ਦੀ ਸੂਬਾ ਕਮੇਟੀ ਨੇ ਅੱਜ ਰੈਲੀ ਦੀਆਂ ਤਿਆਰੀਆਂ ਬਾਰੇ ਆਨਲਾਈਨ ਮੀਟਿੰਗ ਕੀਤੀ ਜਿਸ ਵਿੱਚ 14 ਜ਼ਿਲ੍ਹਿਆਂ ਦੇ ਪ੍ਰਧਾਨ ਸ਼ਾਮਲ ਹੋਏ। ਆਗੂਆਂ ਨੇ ਰੈਲੀ ਦੀ ਤਿਆਰੀ ਬਾਰੇ ਵਿਚਾਰ-ਚਰਚਾ ਕੀਤੀ ਅਤੇ ਬਿਜਲੀ ਸੋਧ ਬਿੱਲ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਰਣਨੀਤੀ ਤਿਆਰ ਕੀਤੀ। ਇਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਟੈਕਸ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਦੁਹਰਾਈ। ਉਨ੍ਹਾਂ ਕਿਹਾ ਕਿ ਪਹਿਲਾਂ ਨਰਮੇ ਦੀ ਦਰਾਮਦ ’ਤੇ ਟੈਕਸ ਖਤਮ ਕਰਨ ਕਰ ਕੇ ਦੇਸ਼ ਦੇ ਕਿਸਾਨਾਂ ਦਾ ਨਰਮਾ ਰੁਲ ਰਿਹਾ ਹੈ। ਜੇਕਰ ਹੋਰ ਖੇਤਰਾਂ ਵਿੱਚ ਟੈਕਸ ਮੁਕਤ ਵਪਾਰ ਸਮਝੌਤੇ ਕੀਤੇ ਗਏ ਤਾਂ ਕੇਂਦਰ ਸਰਕਾਰ ਨੂੰ ਕਿਸਾਨੀ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਜਮਹੂਰੀ ਅਧਿਕਾਰ ਸਭਾ ਦੀ ਸੂਬਾ ਕਮੇਟੀ ਮੈਂਬਰ ਐਡਵੋਕੇਟ ਅਮਨਦੀਪ ਕੌਰ ਨੂੰ ਧਮਕੀਆਂ ਦੇਣ ਦਾ ਵਿਰੋਧ ਕੀਤਾ ਅਤੇ ਮੰਗ ਕੀਤੀ ਕਿ ਚੰਡੀਗੜ੍ਹ ਪ੍ਰਸ਼ਾਸਨ ਤੁਰੰਤ ਧਮਕੀਆਂ ਦੇਣ ਵਾਲਿਆਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ। ਇਸ ਦੌਰਾਨ ਆਗੂਆਂ ਨੇ ਕਿਸਾਨਾਂ ਨੂੰ ਚੰਡੀਗੜ੍ਹ ਦੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।

