ਮਨੋਜ ਸ਼ਰਮਾ
ਬਠਿੰਡਾ, 8 ਮਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਬਜਟ ਲਈ ਜੋ ਲੋਕਾਂ ਦੇ ਸੁਝਾਅ ਮੰਗੇ ਜਾ ਰਹੇ ਹਨ, ਇਹ ਫ਼ੈਸਲਾ ਇਤਿਹਾਸਕ ਤੇ ਮੀਲ ਪੱਥਰ ਸਾਬਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਾਲਵੇ ਦੇ ਪੰਜ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ ਤੇ ਫਾਜ਼ਿਲਕਾ ਦੇ ਵਿਧਾਇਕਾਂ, ਸਨਅਤਕਾਰਾਂ ਅਤੇ ਵਪਾਰੀ ਵਰਗ ਕੋਲੋਂ ਜਨਤਾ ਬਜਟ 2022-23 ਲਈ ਸੁਝਾਅ ਲੈਣ ਮਗਰੋਂ ਸੰਬੋਧਨ ਕਰਦਿਆਂ ਕੀਤਾ।
ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਦਯੋਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਉਦਯੋਗਿਕ ਵਿਕਾਸ ਸਹੀ ਢੰਗ ਨਾਲ ਨਹੀਂ ਹੋਇਆ ਅਤੇ ਜੇਕਰ ਹੁਣ ਵੀ ਉਦਯੋਗਾਂ ਦੇ ਵਿਕਾਸ ਲਈ ਕੁਝ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਸ੍ਰੀ ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਲੰਮੇ ਸਮੇਂ ਤੋਂ ਝਾਰਖੰਡ ਵਿੱਚ ਬੰਦ ਪਈ ਪੰਜਾਬ ਦੀ ਪਛਵਾੜਾ ਕੋਲਾ ਖਾਣ ਦਾ ਛੇਤੀ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਉਦਘਾਟਨ ਕੀਤਾ ਜਾ ਰਿਹਾ ਹੈ ਤੇ ਇਸ ਦੇ ਚਾਲੂ ਹੋਣ ਨਾਲ ਬਿਜਲੀ ਸਪਲਾਈ ਸਬੰਧੀ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਇਸ ਤੋਂ ਪਹਿਲਾਂ ਵੱਖ-ਵੱਖ ਸਨਅਤਕਾਰਾਂ ਤੇ ਵਪਾਰੀਆਂ ਨੇ ਸਮੱਸਿਆਵਾਂ ਵੀ ਦੱਸੀਆਂ।
ਵਿੱਤ ਮੰਤਰੀ ਨੇ ਕਿਹਾ ਕਿ ਇਸ ਵਾਰ ਦਾ ਬਜਟ ਜਨਤਾ ਪੱਖੀ ਬਜਟ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਸੁਝਾਅ ਲੈਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਪੋਰਟਲ finance. punjab.gov.in ਤੇ ਹੁਣ ਈ ਮੇਲ ਆਈ.ਡੀ. punjabdabudget @gmail.com ਵੀ ਜਾਰੀ ਕੀਤੀ ਗਈ ਹੈ ਜਿਸ ’ਤੇ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਮਿਲ ਕੇ ਵੀ ਸੁਝਾਅ ਦੇ ਸਕਦੇ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਨਤਾ ਬਜਟ ਸਬੰਧੀ ਲਏ ਜਾ ਰਹੇ ਸੁਝਾਵਾਂ ਦੀ ਸ਼ਲਾਘਾ ਕੀਤੀ ਤੇ ਆਪਣੇ ਹਲਕੇ ਮਲੋਟ ਨਾਲ ਸਬੰਧਤ ਸਮੱਸਿਆਵਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੇ ਫੰਡ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਹਲਕਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਬਠਿੰਡਾ ’ਚ ਥਰਮਲ ਦੀ ਜ਼ਮੀਨ ’ਤੇ ਉਦਯੋਗਿਕ ਪਾਰਕ ਬਣਾਉਣ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਸਾਂਝੀਆਂ ਕੀਤੀਆਂ।