ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਜੂਨ
ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਹੈ ਕਿ ਹੁਣ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵਲੋਂ ਵੀ ਪਲਾਜ਼ਮਾ ਥੈਰੇਪੀ ਨਾਲ ਕਰੋਨਾ ਪੀੜਤਾਂ ਦਾ ਇਲਾਜ ਕੀਤਾ ਜਾਵੇਗਾ ਅਤੇ ਇਸ ਵਿਧੀ ਨਾਲ ਇਲਾਜ ਜਲਦੀ ਸ਼ੁਰੂ ਹੋ ਜਾਵੇਗਾ। ਅੱਜ ਇਥੇ ਉਨ੍ਹਾਂ ਦੱਸਿਆ ਕਿ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਨੂੰ ਪਲਾਜ਼ਮਾ ਥੈਰੇਪੀ ਨਾਲ ਕਰੋਨਾ ਪੀੜਤਾਂ ਦਾ ਇਲਾਜ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਗਲੇ ਕੁਝ ਦਿਨਾਂ ਵਿਚ ਹੀ ਇਸ ਵਿਧੀ ਨਾਲ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਵੇਲੇ ਸਰਕਾਰੀ ਮੈਡੀਕਲ ਕਾਲਜ ਕੋਲ ਲੋੜੀਂਦਾ ਬੁਨਿਆਦੀ ਢਾਂਚਾ, ਮਰੀਜ਼ ਅਤੇ ਪਲਾਜ਼ਮਾ ਦਾਨੀ ਵੀ ਮੌਜੂਦ ਹਨ।